ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਮੁੜ ਕਾਂਗਰਸ ’ਚ ਸ਼ਾਮਿਲ
ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ) - ਸਾਬਕਾ ਕੈਬਨਿਟ ਮੰਤਰੀ ਮਲਕੀਤ ਸਿੰਘ ਬੀਰਮੀ ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਮੁੜ ਕਾਂਗਰਸ ਦਾ ਪੱਲਾ ਫੜ੍ਹਿਆ ਹੈ। ਦੋਵੇਂ ਆਗੂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਹਾਜ਼ਰੀ ਵਿਚ ਕਾਂਗਰਸ ਵਿਚ ਸ਼ਾਮਿਲ ਹੋਏ ਹਨ। ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ 2014 ਵਿਚ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਨ ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ ਸੀ।