ਮਹਿਲ ਕਲਾਂ, 22 ਨਵੰਬਰ ( ਅਵਤਾਰ ਸਿੰਘ ਅਣਖੀ)- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮਾਂ ਵਿੱਚ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਜਥਿਆਂ ਸਮੇਤ ਸ਼ਮੂਲੀਅਤ ਕਰਨਗੀਆਂ। ਇਹ ਜਾਣਕਾਰੀ ਦਿੰਦਿਆ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਦੱਸਿਆ ਕਿ ਗੁਰੂਸਾਹਿਬਾਨ, ਸੂਰਬੀਰ ਜੋਧਿਆਂ ਮਹਾਨ ਸ਼ਹੀਦਾਂ ਦੀ ਯਾਦ 'ਚ ਹੋ ਰਹੇ ਧਾਰਮਿਕ ਸਮਾਗਮਾਂ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਵੱਖ ਵੱਖ ਥਾਵਾਂ ਤੋਂ ਅਰੰਭ ਨਗਰ ਕੀਰਤਨਾਂ ਦਾ ਹਰ ਇਲਾਕੇ ਅੰਦਰ ਭਰਵਾਂ ਸੁਆਗਤ ਕੀਤਾ ਜਾ ਰਿਹਾ ਹੈ। ਪਿੰਡਾਂ 'ਚੋਂ ਸੰਗਤਾਂ ਨੂੰ ਸਮਾਗਮ ਤੇ ਲੈ ਕੇ ਜਾਣ, ਲਿਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਯਾਦਗਾਰੀ ਸਮਾਗਮ ਮੌਕੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਵੀ ਸ਼ਰਧਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਵਿਧਾਇਕ ਪੰਡੋਰੀ ਨੇ ਦੱਸਿਆ ਕਿ ਤਿਆਰੀਆਂ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾਂ ਨਿਰਦੇਸ਼ ਅਨੁਸਾਰ ਆਗੂਆਂ, ਵਰਕਰਾਂ ਨੂੰ ਡਿਊਟੀਆਂ ਵੰਡ ਕੇ ਜਿੰਮੇਵਾਰੀ ਸੌਂਪੀ ਗਈ ਹੈ। ਜੋ ਪੂਰੀ ਤਨਦੇਹੀ ਨਾਲ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ ਲਈ ਕੰਮ ਕਰ ਰਹੇ ਹਨ। ਵਿਧਾਇਕ ਪੰਡੋਰੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਹੈ।