ਸੁਲਤਾਨਪੁਰ ਲੋਧੀ (ਕਪੂਰਥਲਾ),1 ਮਈ (ਥਿੰਦ) - ਸ਼ਤਾਬਦੀ ਸਮਾਗਮਾਂ ਮੌਕੇ ਭਾਰਤ ਸਰਕਾਰ ਵਲੋਂ ਪਵਿੱਤਰ ਨਗਰੀ ਨੂੰ ਸਮਾਰਟ ਸਿਟੀ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਹੌਲੀ ਰਫ਼ਤਾਰ ਨਾਲ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ, ਐਸਡੀਐਮ ਅਮਨਪਾਲ ਸਿੰਘ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਮੀਟਿੰਗ ਹਾਲ ਵਿਚ ਇਕ ਮਹੱਤਵਪੂਰਨ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡੀਸੀ ਕਪੂਰਥਲਾ ਆਕਾਸ਼ ਬਾਂਸਲ, ਹਲਕਾ ਇੰਚਾਰਜ ਸੱਜਣ ਸਿੰਘ ਚੀਮਾ,ਏਡੀਸੀ (ਵਿਕਾਸ) ਵਰਿੰਦਰ ਬਾਜਵਾ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ।
ਇਸ ਮੌਕੇ ਸ਼ਹਿਰ ਵਾਸੀਆਂ ਜਿੰਨਾ ਵਿਚ ਰਾਜੀਵ ਧੀਰ, ਦਿਨੇਸ਼ ਧੀਰ, ਰਾਜਿੰਦਰ ਸਿੰਘ, ਗੁਰਵਿੰਦਰ ਕੌਰ, ਜਸਵੰਤ ਸਿੰਘ ਆਦਿ ਨੇ ਪਿਛਲੇ ਚਾਰ ਸਾਲਾਂ ਤੋਂ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ, ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਵਿਚਕਾਰ ਤਾਲਮੇਲ ਦੀ ਘਾਟ ਕਾਰਨ ਸੜਕਾਂ 'ਤੇ ਡੂੰਘੇ ਟੋਏ ਹਨ, ਕਈ ਵਾਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਪਰ ਕੋਈ ਹੱਲ ਨਹੀਂ ਹੋਇਆ, ਇਸੇ ਤਰ੍ਹਾਂ ਨਾਜਾਇਜ਼ ਕਬਜ਼ੇ, ਮਜ਼ਬੂਤ ਸੀਵਰੇਜ ਪਾਈਪ ਲਾਈਨ ਦੀ ਲੀਕੇਜ, ਪਾਣੀ ਸਪਲਾਈ ਲਾਈਨ ਵਿਛਾਉਣਾ, ਮਜ਼ਬੂਤ ਸੀਵਰੇਜ ਲਾਈਨ ਵਿੱਚ ਰੁਕਾਵਟ, ਸ਼ਹਿਰ ਦੇ ਮੁੱਖ ਚੌਕ ਵਿਚ ਸੀਸੀਟੀਵੀ ਕੈਮਰੇ ਲਗਾਉਣਾ, ਸੁਲਤਾਨਪੁਰ ਲੋਧੀ-ਡਡਵਿੰਡੀ ਸੜਕ 'ਤੇ ਸਟਰੀਟ ਲਾਈਟਾਂ ਲਗਾਉਣਾ, ਜਨਤਕ ਪਖਾਨੇ, ਨਗਰ ਕੌਂਸਲ ਹਰ ਘਰ ਤੋਂ ਕੂੜਾ ਇਕੱਠਾ ਕਰਨ ਲਈ ਗੱਡੀਆਂ ਦਾ ਪ੍ਰਬੰਧ ਕਰੇ, ਇਨ੍ਹਾਂ ਸਮੱਸਿਆਵਾਂ ਕਾਰਨ ਸ਼ਹਿਰ ਵਾਸੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਸੰਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਲਤਾਨਪੁਰ ਲੋਧੀ ਵਿਚ ਚੱਲ ਰਹੇ ਸਾਰੇ ਕੰਮਾਂ ਨੂੰ ਆਪਸੀ ਤਾਲਮੇਲ ਰਾਹੀਂ ਪੂਰਾ ਕੀਤਾ ਜਾਵੇ ਅਤੇ ਰੋਜ਼ਾਨਾ ਰਿਪੋਰਟਾਂ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਦਾ ਕੰਮ 90 ਪ੍ਰਤੀਸ਼ਤ ਪੂਰਾ ਹੋ ਗਿਆ ਹੈ ਅਤੇ ਇਕ ਜਾਂ ਦੋ ਹਫ਼ਤਿਆਂ ਵਿੱਚ ਲੋਕਾਂ ਨੂੰ ਧੂੜ ਤੋਂ ਰਾਹਤ ਮਿਲੇਗੀ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਕਿਸੇ ਵੀ ਕੰਮ ਵਿਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਸੇ ਵੀ ਸਮੱਸਿਆ ਨੂੰ ਐਸਡੀਐਮ ਅਮਨਪਾਲ ਸਿੰਘ ਦੇ ਧਿਆਨ ਵਿਚ ਲਿਆਂਦਾ ਜਾਵੇ।ਇਸ ਮੌਕੇ ਐਸਡੀਐਮ ਅਮਨਪਾਲ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਸੰਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਤਰੁੰਤ ਉਨ੍ਹਾਂ ਨਾਲ਼ ਸੰਪਰਕ ਕਰਨ।
ਤਾਜ਼ਾ ਖ਼ਬਰਾਂ
Free
ਸੁਲਤਾਨਪੁਰ ਲੋਧੀ ਵਿਖੇ ਸਮਾਰਟ ਸਿਟੀ ਪ੍ਰੋਜੈਕਟ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਮਾਰਕੀਟ ਕਮੇਟੀ ਦਫ਼ਤਰ ਵਿਚ ਹੰਗਾਮੀ ਮੀਟਿੰਗ
ਸੁਲਤਾਨਪੁਰ ਲੋਧੀ (ਕਪੂਰਥਲਾ),1 ਮਈ (ਥਿੰਦ) - ਸ਼ਤਾਬਦੀ ਸਮਾਗਮਾਂ ਮੌਕੇ ਭਾਰਤ ਸਰਕਾਰ ਵਲੋਂ ਪਵਿੱਤਰ ਨਗਰੀ ਨੂੰ ਸਮਾਰਟ ਸਿਟੀ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਹੌਲੀ ਰਫ਼ਤਾਰ ਨਾਲ ਚੱਲ...
ਅਜੀਤ ਡੈਸਕ
01-05-2026