ਬਰਨਾਲਾ, 1 ਮਈ (ਨਰਿੰਦਰ ਅਰੋੜਾ)। ਪੀਆਰਟੀਸੀ ਪਨਬਸ ਕੰਟਰੈਕਟ ਵਰਕਰ ਯੂਨੀਅਨ ਬਰਨਾਲਾ ਵੱਲੋਂ ਮਜ਼ਦੂਰ ਦਿਵਸ ਮਨਾਉਂਦੇ ਹੋਏ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਗੱਲਬਾਤ ਕਰਦਿਆਂ ਆਗੂ ਨਿਰਪਾਲ ਸਿੰਘ ਪੱਪੂ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਪਾਲਾ ਆਦਿ ਨੇ ਕਿਹਾ ਕਿ ਅੱਜ ਝੰਡਾ ਲਹਿਰਾ ਕੇ ਸ਼ਹੀਦ ਮਜ਼ਦੂਰਾਂ ਨੂੰ ਯਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਬਹੁਤ ਵੱਡਾ ਦਿਨ ਹੈ ਪਰ ਸਰਕਾਰਾਂ ਵੱਲੋਂ ਲਗਾਤਾਰ ਮਜ਼ਦੂਰਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ ਪਰ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ। ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਵਰਕਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਵਰਕਰ ਯੂਨੀਅਨ ਨੇ ਮੁੱਖ ਮੰਗਾਂ ਰੱਖਦੇ ਹੋਏ ਕਿਹਾ ਕਿ ਬਰਾਬਰ ਕੰਮ ਲਈ ਬਰਾਬਰ ਤਨਖਾਹ ਲਾਗੂ ਕੀਤੀ ਜਾਵੇ। ਨਿਜੀਕਰਨ ਵਿਰੁੱਧ ਸੰਘਰਸ਼ ਦੌਰਾਨ ਜੇਲ੍ਹਾਂ ਵਿੱਚ ਬੰਦ ਕੀਤੇ ਸਾਥੀਆਂ ਨੂੰ ਰਿਹਾਅ ਕਰਕੇ ਉਨ੍ਹਾਂ 'ਤੇ ਦਰਜ ਪਰਚੇ ਰੱਦ ਕੀਤੇ ਜਾਣ।
ਆਗੂਆਂ ਨੇ ਦੱਸਿਆ ਕਿ ਅੱਜ ਗੇਟ ਰੈਲੀ ਕੀਤੀ ਗਈ ਹੈ। 10 ਮਈ ਨੂੰ ਟਰਾਂਸਪੋਰਟ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ ਅਤੇ 18 ਮਈ ਨੂੰ ਸੰਕੇਤਕ ਹੜਤਾਲ ਕੀਤੀ ਜਾਵੇਗੀ। 25, 26 ਅਤੇ 27 ਮਈ ਨੂੰ ਤਿੰਨ ਦਿਨਾਂ ਦੀ ਹੜਤਾਲ ਕੀਤੀ ਜਾਵੇਗੀ। ਜੇ ਫਿਰ ਵੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੋਰ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।