ਟਾਂਡਾ ਉੜਮੁੜ: 3 ਮਈ (ਭਗਵਾਨ ਸਿੰਘ ਸੈਣੀ)- ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਦਸੂਆ ਦੇ ਪਿੰਡ ਘੋਗਰਾ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਦੌਰਾ ਕਰਨ ਦਾ ਪ੍ਰੋਗਰਾਮ ਹੈ। ਪਰ ਇਸ ਤੋਂ ਪਹਿਲਾਂ ਹੀ ਟਾਂਡਾ ਪੁਲਿਸ ਵੱਲੋਂ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਲਿਆ ਗਿਆ।
ਜਾਣਕਾਰੀ ਅਨੁਸਾਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੂੰ ਵੀ ਉਨ੍ਹਾਂ ਦੇ ਘਰ ਵਿੱਚ ਹੀ ਰੋਕ ਦਿੱਤਾ ਗਿਆ ਅਤੇ ਬਾਹਰ ਆਉਣ ਤੋਂ ਮਨ੍ਹਾਂ ਕਰ ਦਿੱਤਾ ਗਿਆ। ਇਸ ਕਾਰਵਾਈ ਦੀ ਖ਼ਬਰ ਮਿਲਦੇ ਹੀ ਵੱਡੀ ਗਿਣਤੀ ਵਿੱਚ ਕਿਸਾਨ ਉਨ੍ਹਾਂ ਦੇ ਘਰ ਦੇ ਬਾਹਰ ਇਕੱਠੇ ਹੋ ਗਏ।
ਇਸ ਮੌਕੇ ਕਿਸਾਨਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕਰਦੇ ਹੋਏ ਧਰਨਾ ਲਗਾਇਆ ਅਤੇ ਜ਼ਬਰਦਸਤ ਨਾਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸਰਕਾਰ ਲੋਕਤੰਤਰਕ ਹੱਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਆਪਣੀ ਗੱਲ ਰੱਖਣ ਤੋਂ ਵੀ ਰੋਕਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਹ ਕਾਰਵਾਈਆਂ ਨਾ ਰੋਕੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।