ਤਰਨ ਤਾਰਨ, 3 ਮਈ (ਹਰਿੰਦਰ ਸਿੰਘ) — ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਰਨ ਤਾਰਨ ਦੇ ਕਸਬਾ ਝਬਾਲ ਦੇ ਨੇੜੇ ਅੰਮ੍ਰਿਤਸਰ ਝਬਾਲ ਰੋਡ ਸਥਿਤ ਟੋਲ ਪਲਾਜ਼ੇ ਨੇੜਿਓਂ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਨ੍ਹਾਂ ਦੇ ਕੋਲੋਂ 12 ਕਿੱਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 60 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਗ੍ਰਿਫ਼ਤਾਰ ਕੀਤੇ ਗਏ ਤਿੰਨੇ ਨੌਜਵਾਨ ਤਰਨ ਤਾਰਨ ਜ਼ਿਲ੍ਹੇ ਦੇ ਨਿਵਾਸੀ ਹਨ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਨੂੰ ਸੂਚਨਾ ਮਿਲੀ ਕਿ ਗੁਰਜੰਟ ਵਾਸੀ ਪਿੰਡ ਸਕੱਤਰਾ ਜ਼ਿਲ੍ਹਾ ਤਰਨ ਤਾਰਨ ਨੂੰ ਡਰੋਨ ਰਾਹੀਂ ਹੈਰੋਇਨ ਦੀ ਇਕ ਵੱਡੀ ਖੇਪ ਮਿਲੀ ਹੈ ਅਤੇ ਉਹ ਇਹ ਖੇਪ ਆਪਣੇ ਸਾਥੀਆਂ ਨੂੰ ਪਹੁੰਚਾਉਣ ਜਾ ਰਿਹਾ ਹੈ। ਇਸ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਝਬਾਲ–ਅੰਮ੍ਰਿਤਸਰ ਰੋਡ ਸਥਿਤ ਟੋਲ ਪਲਾਜ਼ਾ ਦੇ ਨੇੜ੍ਹੇ ਵਿਸ਼ੇਸ਼ ਨਾਕੇ ਲਗਾਏ। ਉਨ੍ਹਾਂ ਕਿਹਾ ਕਿ ਟੀਮਾਂ ਨੇ ਮੋਟਰਸਾਈਕਲ ’ਤੇ ਆ ਰਹੇ ਤਿੰਨ ਵਿਅਕਤੀਆਂ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ 12 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਡੀ.ਜੀ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਸਕੱਤਰਾ ਦੇ ਰਹਿਣ ਵਾਲੇ ਗੁਰਜੰਟ ਸਿੰਘ, ਤਰਨ ਤਾਰਨ ਦੇ ਪਿੰਡ ਬੁੱਗਾ ਦੇ ਰਹਿਣ ਵਾਲੇ ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਗੁਰਜੰਟ ਸਿੰਘ ਪਾਕਿਸਤਾਨ ਸਥਿਤ ਤਸਕਰ ਦੇ ਸੰਪਰਕ ਵਿਚ ਸੀ। ਗੁਰਜੰਟ ਆਪਣੇ ਪਿੰਡ ਦੇ ਆਲੇ-ਦੁਆਲੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਪਹੁੰਚਾਈ ਜਾਂਦੀ ਹੈਰੋਇਨ ਦੀ ਖੇਪ ਪ੍ਰਾਪਤ ਕਰਦਾ ਸੀ ਅਤੇ ਬਾਅਦ ਵਿਚ ਪਾਕਿਸਤਾਨ ਸਥਿਤ ਤਸਕਰ ਦੇ ਨਿਰਦੇਸ਼ਾਂ ਅਨੁਸਾਰ ਆਪਣੇ ਸਾਥੀਆਂ ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੂੰ ਪਹੁੰਚਾਉਂਦਾ ਸੀ। ਇਸ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ ਡੀ.ਜੀ.ਪੀ. ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਅਤੇ ਪਿੱਛੇ ਸੰਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
12 ਕਿੱਲੋ ਹੈਰੋਇਨ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ
ਤਰਨ ਤਾਰਨ, 3 ਮਈ (ਹਰਿੰਦਰ ਸਿੰਘ) — ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਰਨ ਤਾਰਨ ਦੇ ਕਸਬਾ ਝਬਾਲ ਦੇ ਨੇੜੇ ਅੰਮ੍ਰਿਤਸਰ ਝਬਾਲ ਰੋਡ ਸਥਿਤ ਟੋਲ ਪਲਾਜ਼ੇ ਨੇੜਿਓਂ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ...
ਅਜੀਤ ਡੈਸਕ
03-05-2026