31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਕੋਈ ਦੁਨਿਆਵੀ ਕਾਨੂੰਨ ਲਾਗੂ ਨਹੀਂ ਹੋ ਸਕਦਾ - ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਮੁਕਤਸਰ ਸਾਹਿਬ, 3 ਮਈ - (ਰਣਜੀਤ ਸਿੰਘ ਢਿੱਲੋਂ) - 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਅੱਜ ਰਾਤ ਦੇ ਧਾਰਮਿਕ ਦੀਵਾਨਾਂ...

ਅਜੀਤ ਡੈਸਕ 03-05-2026

ਸ੍ਰੀ ਮੁਕਤਸਰ ਸਾਹਿਬ, 3 ਮਈ - (ਰਣਜੀਤ ਸਿੰਘ ਢਿੱਲੋਂ) - 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਅੱਜ ਰਾਤ ਦੇ ਧਾਰਮਿਕ ਦੀਵਾਨਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਾਮਿਲ ਹੋਏ। ਉਨ੍ਹਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕੀਤਾ। ਇਸ ਉਪਰੰਤ ਆਪਣੇ ਸੰਬੋਧਨ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਧਰਮ 'ਤੇ ਇਸ ਸਮੇਂ ਚੌਤਰਫਾ ਹਮਲੇ ਹੋ ਰਹੇ ਹਨ, ਜਿਸ ਤੋਂ ਪੰਥ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਕੋਈ ਦੁਨਿਆਵੀ ਕਾਨੂੰਨ ਲਾਗੂ ਨਹੀਂ ਹੋ ਸਕਦਾ, ਗੁਰੂ ਘਰਾਂ ਤੇ ਸਾਨੂੰ ਪੰਥਕ ਪਹਿਰੇਦਾਰੀ ਮਜਬੂਤ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ ਹੋ ਰਹੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖਿਦਰਾਣੇ ਦੀ ਢਾਬ ਤੇ ਮੁਗਲ ਸਾਮਰਾਜ ਦੇ ਜ਼ੁਲਮ ਖ਼ਿਲਾਫ਼ ਲੜਦੇ ਹੋਏ ਇਸ ਧਰਤੀ ਤੇ 40 ਮੁਕਤਿਆਂ ਨੇ ਸ਼ਹੀਦੀਆਂ ਪ੍ਰਾਪਤ ਕਰਕੇ ਮੁਕਤੀ ਦਾ ਪਦ ਹਾਸਿਲ ਕੀਤਾ, ਜਿਸ ਮਗਰੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਧਰਤੀ ਨੂੰ ਮੁਕਤੀ ਦੇ ਸਰ ਦਾ ਵਰਦਾਨ ਦਿੱਤਾ ਅਤੇ ਅੱਜ ਕੱਲ੍ਹ ਇਤਿਹਾਸਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਨਾਮ ਨਾਲ ਦੁਨੀਆਂ ਭਰ ਵਿਚ ਪ੍ਰਸਿੱਧ ਹੈ। ਉਨ੍ਹਾਂ ਕਿਹਾ ਕਿ ਜ਼ੁਲਮ ਖ਼ਿਲਾਫ਼ ਹੋਈ ਇਸ ਲੜਾਈ ਵਿਚ ਮਾਤਾ ਭਾਗ ਕੌਰ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਗੱਲੋਂ ਸਾਡੀ ਵੀ ਗੁਰੂ ਨਾਲ ਟੁੱਟੀ ਹੈ ਤਾਂ ਉਸ ਨੂੰ ਸਾਬਤ ਸੂਰਤ ਹੋ ਕੇ ਗੰਢੀਏ। ਦੇਹਧਾਰੀਆਂ ਅਤੇ ਪਖੰਡਵਾਦ ਤੋਂ ਬਚ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਈਏ। ਉਨ੍ਹਾਂ ਕਿਹਾ ਕਿ ਜਦੋਂ ਵੀ ਅਰਦਾਸ ਵਿਚ 40 ਮੁਕਤਿਆਂ ਦਾ ਜ਼ਿਕਰ ਆਉਂਦਾ ਹੈ ਤਾਂ ਉਸ ਸਮੇਂ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਦਾ ਚੇਤਾ ਆਉਂਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।  

ਪਿਛਲੀ ਖ਼ਬਰ ਆਈ.ਪੀ.ਐੱਲ. 2026 : ਗੁਜਰਾਤ ਦੀ ਬੱਲੇਬਾਜ਼ੀ ਸ਼ੁਰੂ ਅਗਲੀ ਖ਼ਬਰ ਆਈ.ਪੀ.ਐੱਲ. 2026 : ਪੰਜਾਬ ਨੇ ਗੁਜਰਾਤ ਨੂੰ ਜਿੱਤਣ ਲਈ ਦਿੱਤਾ 164 ਦੌੜਾਂ ਦਾ ਟੀਚਾ