ਚੰਡੀਗੜ੍ਹ (ਅਜਾਇਬ ਔਜਲਾ), 5 ਮਈ- ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਦੀ ਅੱਜ ਚੰਡੀਗੜ੍ਹ ਵਿਚ ਕਿਸਾਨ ਭਵਨ ਵਿਖੇ ਵਿਸ਼ੇਸ਼ ਇਕੱਤਰਤਾ ਉਪਰੰਤ ਕਿਸਾਨ ਮਜ਼ਦੂਰ ਮੋਰਚਾ ਨੇ ਸਹਿਕਾਰੀ ਸਭਾਵਾਂ ਦੀਆਂ ਕਰਜ਼ਾ ਹੱਦਾਂ ਵਧਾਉਣ ਅਤੇ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਮੁੱਖ ਆਗੂਆਂ ਨੇ ਕਿਹਾ ਕਿ 12 ਅਤੇ 18 ਮਈ ਨੂੰ ਸੂਬਾ ਪੱਧਰੀ ਧਰਨੇ ਦਿੱਤੇ ਜਾਣਗੇ।
ਉਹਨਾਂ ਕਿਹਾ ਕਿ ਸਰਕਾਰ ਨੂੰ ਸ਼ੰਭੂ ਤੇ ਖਨੌਰੀ ਬਾਰਡਰ ਦੇ ਨੁਕਸਾਨ ਅਤੇ ਗੰਨੇ ਦੇ ਬਕਾਏ ਦੀ ਅਦਾਇਗੀ ਲਈ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ ਗਿਆ ਹੈ ਤੇ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਮਿੱਥੇ ਸਮੇਂ ਅੰਦਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿਚ ਸਰਕਾਰ ਵਿਰੁੱਧ ਮੋਰਚਾ ਬੰਦੀ ਕੀਤੀ ਜਾਵੇਗੀ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਇਹ ਵੀ ਕਹਿਣਾ ਹੈ ਕਿ 18 ਮਈ ਨੂੰ ਸੰਘਰਸ਼ ਦੇ ਅਗਲੇ ਪੜਾਅ ਵਜੋਂ ਜ਼ਿਲ੍ਹਾ ਹੈਡ ਕੁਆਰਟਰਾਂ ਵਿਖੇ ਸਥਿਤ ਕਾਰਪੋਰੇਟ ਸਭਾਵਾਂ ਦੇ ਮੁੱਖ ਦਫਤਰਾਂ ਦਾ ਘਿਰਾਓ ਦੇ ਨਾਲ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਹੋਏ 3.77 ਕਰੋੜ ਦੇ ਨੁਕਸਾਨ ਦੀ ਭਰਪਾਈ ਅਤੇ ਗੰਨੇ ਦੇ 230 ਕਰੋੜ ਰੁਪਏ ਦੇ ਬਕਾਏ ਤੁਰੰਤ ਕਲੀਅਰ ਕਰਨ ਦੀ ਵੀ ਜਥੇਬੰਦੀ ਵੱਲੋਂ ਮੰਗ ਉਠਾਈ ਗਈ ਹੈ।