ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ / ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਥਾਣਾ ਟਿੱਬਾ ਅਧੀਨ ਪੈਂਦੇ ਗੁਰੂ ਨਾਨਕ ਨਗਰ ਇਲਾਕੇ ਵਿਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਨੌਜਵਾਨ ਦਾ ਕਥਿਤ ਤੌਰ 'ਤੇ ਉਸ ਦੇ ਸਾਲੇ ਵਲੋਂ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ 22 ਸਾਲਾ ਸੋਨੂ ਆਲਮ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਕਿਸੇ ਗੱਲ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਸਾਲੇ ਨੇ ਆਪਣੇ ਜੀਜੇ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਘਟਨਾ ਦੇ ਅਸਲ ਕਾਰਨਾਂ ਦਾ ਖੁਲਾਸਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋ ਸਕੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਲੁਧਿਆਣਾ ਵਿਚ ਟਾਈਲਾਂ ਦਾ ਕੰਮ ਕਰਦਾ ਸੀ l