ਦਿੜ੍ਹਬਾ ਮੰਡੀ (ਸੰਗਰੂਰ), 9 ਅਗਸਤ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੀ ਅਗਵਾਈ ਹੇਠ ਪਿੰਡ ਤੂਰਬਨਜਾਰਾ ਵਿਖੇ ਸੈਲੋ ਪਲਾਂਟ ਲਗਾਉਣ ਦੇ ਵਿਰੋਧ ਵਿਚ ਚੱਲ ਰਿਹਾ ਦਿਨ-ਰਾਤ ਦਾ ਪੱਕਾ ਮੋਰਚਾ ਅੱਜ ਨੌਵੇਂ ਦਿਨ ਵਿਚ ਦਾਖ਼ਲ ਹੋ ਗਿਆ। ਇਸ ਮੌਕੇ ਪਿੰਡ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਸੈਲੋ ਪਲਾਂਟ ਲਗਾਉਣ ਵਾਲੀ ਕੰਪਨੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਦਿੜ੍ਹਬਾ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਜ਼ਿਲ੍ਹਾ ਖਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਕਿਹਾ ਕਿ ਪਿੰਡ ਦੀ ਹੱਦ ਨਾਲ ਲੱਗਦੀ ਜਗ੍ਹਾ ’ਤੇ ਪੀਯੂਬੀ ਲੌਜਿਸਟਿਕ ਪ੍ਰਾਈਵੇਟ ਲਿਮਿਟਡ ਕੰਪਨੀ ਵਲੋਂ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿਚ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਸਹਿਯੋਗ ਨਾਲ ਦਿਨ-ਰਾਤ ਦਾ ਪੱਕਾ ਮੋਰਚਾ ਲਗਾਇਆ ਹੋਇਆ ਹੈ।