ਗੁਰੂ ਹਰਸਹਾਏ (ਫ਼ਿਰੋਜ਼ਪੁਰ), 14 ਅਗਸਤ (ਕਪਿਲ ਕੰਧਾਰੀ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ-ਡੱਲੇਵਾਲ) ਵਲੋਂ ਅੱਜ ਜ਼ਿਲ੍ਹਾਂ ਫਿਰੋਜ਼ਪੁਰ ਦੇ ਕਸਬਾ ਗੁਰੂ ਹਰ ਸਹਾਏ ਦੇ ਨਾਲ ਲੱਗਦੇ ਪਿੰਡ ਕੋਹਰ ਸਿੰਘ ਵਾਲਾ ਵਿਖੇ ਰੇਲਵੇ ਟਰੈਕ ’ਤੇ ਧਰਨਾ ਦੇ ਕੇ ਰੇਲ ਆਵਾਜਾਈ ਠੱਪ ਕਰ ਦਿੱਤੀ ਗਈ। ਧਰਨੇ ਦੀ ਅਗਵਾਈ ਜ਼ਿਲ੍ਹਾ ਕਮੇਟੀ ਮੈਂਬਰ ਰਣਜੀਤ ਸਿੰਘ ਵਲੋਂ ਕੀਤੀ ਗਈ। ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ ਸੀ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਯੂਨੀਅਨ ਦੇ ਕੁਝ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿਚ ਲਏ ਜਾਣ ਦੇ ਰੋਸ ਵਜੋਂ ਕਿਸਾਨ ਜਥੇਬੰਦੀ ਵਲੋਂ ਰੇਲਵੇ ਟਰੈਕ ’ਤੇ ਧਰਨਾ ਲਗਾਉਣ ਦਾ ਫ਼ੈਸਲਾ ਕੀਤਾ ਗਿਆ।
ਰੇਲਵੇ ਟਰੈਕ ’ਤੇ ਧਰਨਾ ਲੱਗਣ ਕਾਰਨ ਦੁਪਹਿਰ 2 ਵਜੇ ਤੋਂ ਬਾਅਦ ਚੱਲਣ ਵਾਲੀਆਂ ਕਈ ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ। ਇਸ ਕਾਰਨ ਰੇਲ ਗੱਡੀਆਂ ਵਿਚ ਸਫ਼ਰ ਕਰ ਰਹੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਲੰਬਾ ਇੰਤਜ਼ਾਰ ਕਰਨਾ ਪਿਆ। ਧਰਨੇ ਕਾਰਨ ਫਾਜ਼ਿਲਕਾ ਤੋਂ ਰੋਜ਼ਾਨਾ ਫਿਰੋਜ਼ਪੁਰ ਵੱਲ ਜਾਣ ਵਾਲੀ ਡੀ.ਐਮ.ਯੂ. ਗੱਡੀ, ਜੋ ਗੁਰੂ ਹਰਸਹਾਏ ਤੋਂ ਦੁਪਹਿਰ 1:45 ਵਜੇ ਰਵਾਨਾ ਹੁੰਦੀ ਹੈ, ਗੁਰੂ ਹਰਸਹਾਏ ਰੇਲਵੇ ਸਟੇਸ਼ਨ ’ਤੇ ਸ਼ਾਮ 5 ਵਜੇ ਤੱਕ ਖੜ੍ਹੀ ਰਹੀ। ਇਸੇ ਤਰ੍ਹਾਂ ਹਫ਼ਤੇ ਵਿਚ ਇਕ ਵਾਰ ਬੀਕਾਨੇਰ ਜਾਣ ਵਾਲੀ ਮੇਲ ਰੇਲ ਗੱਡੀ ਵੀ ਝੋਕ ਟਹਿਲ ਸਿੰਘ ਵਾਲਾ ਰੇਲਵੇ ਸਟੇਸ਼ਨ ’ਤੇ ਰੁਕੀ ਰਹੀ।
ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਵਲੋਂ ਹਿਰਾਸਤ ਵਿਚ ਲਏ ਗਏ ਕਿਸਾਨ ਆਗੂਆਂ ਅਤੇ ਵਰਕਰਾਂ ਸਬੰਧੀ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਰੋਸ ਜਾਰੀ ਰਹੇਗਾ। ਉਨ੍ਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਮਸਲੇ ਦਾ ਜਲਦ ਹੱਲ ਕੱਢਣ ਦੀ ਮੰਗ ਕੀਤੀ। ਰੇਲਵੇ ਟਰੈਕ ’ਤੇ ਧਰਨੇ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ। ਉੱਧਰ, ਰੇਲ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਯਾਤਰੀਆਂ ਨੇ ਵੀ ਰੇਲ ਗੱਡੀਆਂ ਦੀ ਆਵਾਜਾਈ ਜਲਦ ਬਹਾਲ ਕਰਨ ਦੀ ਮੰਗ ਕੀਤੀ।