ਗੁਰੂ ਹਰਸਹਾਏ (ਫ਼ਿਰੋਜ਼ਪੁਰ), 16 ਅਗਸਤ (ਕਪਿਲ ਕੰਧਾਰੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਗੁਰੂ ਹਰਸਹਾਏ ਦੀ ਨਵੀਂ ਦਾਣਾ ਮੰਡੀ ਵਿਖੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ‘ਪੰਜਾਬ ਬਚਾਓ ਰੈਲੀ’ ਕਰਵਾਈ ਗਈ। ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ 106 ਸਾਲ ਪੁਰਾਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਕਮਜ਼ੋਰ ਕਰਨ ਲਈ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਇਹ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਪੰਜਾਬ ਦੇ ਹੱਕਾਂ ਅਤੇ ਪੰਜਾਬੀਆਂ ਦੀ ਆਵਾਜ਼ ਲਈ ਡਟ ਕੇ ਖੜ੍ਹਾ ਰਿਹਾ ਹੈ ਅਤੇ ਪਾਰਟੀ ਦੀਆਂ ਜੜ੍ਹਾਂ ਪਿੰਡ-ਪਿੰਡ ਤੱਕ ਡੂੰਘੀਆਂ ਹਨ।
ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ੇ, ਲੁੱਟ-ਖੋਹ ਅਤੇ ਗੈਂਗਸਟਰਵਾਦ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਵਪਾਰੀ, ਦੁਕਾਨਦਾਰ, ਉਦਯੋਗਪਤੀ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨਸ਼ੇ ਅਤੇ ਅਪਰਾਧ ਨੂੰ ਰੋਕਣ ਵਿਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਅਤੇ ਗਾਰੰਟੀਆਂ ਕੀਤੀਆਂ ਗਈਆਂ ਸਨ, ਪਰ ਲੋਕ ਹੁਣ ਇਨ੍ਹਾਂ ਵਾਅਦਿਆਂ ਦੀ ਪੂਰਤੀ ਨੂੰ ਲੈ ਕੇ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮੌਕਾ ਦੇਣ ਅਤੇ ਪਾਰਟੀ ਵਲੋਂ ਕੀਤੇ ਜਾਣ ਵਾਲੇ ਵਾਅਦੇ ਪੂਰੇ ਕੀਤੇ ਜਾਣਗੇ।
ਸੁਖਬੀਰ ਸਿੰਘ ਬਾਦਲ ਦੀ ਗੈਰਹਾਜ਼ਰੀ ਬਾਰੇ ਉਨ੍ਹਾਂ ਕਿਹਾ ਕਿ ਨਾਦੇੜ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ ਉਹ ਸਿਹਤਯਾਬ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਰੈਲੀ ਵਿਚ ਵਰਕਰਾਂ ਨੂੰ ਸੰਬੋਧਨ ਕਰਨ ਲਈ ਭੇਜਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਵਰਕਰਾਂ ਦੀਆਂ ਅਰਦਾਸਾਂ ਅਤੇ ਗੁਰੂ ਸਾਹਿਬ ਦੀ ਕਿਰਪਾ ਸਦਕਾ ਸੁਖਬੀਰ ਸਿੰਘ ਬਾਦਲ ਹੁਣ ਠੀਕ ਹਨ। ਹਰਸਿਮਰਤ ਕੌਰ ਬਾਦਲ ਨੇ ਗੁਰੂ ਘਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਵਿਚ ਹਿੰਦੂ, ਸਿੱਖ, ਮੁਸਲਮਾਨ ਅਤੇ ਇਸਾਈ ਸਮੇਤ ਹਰ ਧਰਮ ਦੇ ਲੋਕਾਂ ਵਿਚਕਾਰ ਭਾਈਚਾਰਕ ਸਾਂਝ, ਅਮਨ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰਾਂ ਦੇ ਸਮੇਂ ਪੰਜਾਬ ਵਿਚ ਬੁਨਿਆਦੀ ਢਾਂਚੇ ਅਤੇ ਵਿਕਾਸ ਦੇ ਖੇਤਰ ਵਿਚ ਵੱਡੇ ਪੱਧਰ ’ਤੇ ਕੰਮ ਹੋਏ। ਪੰਜਾਬ ਦੇ ਪਾਣੀਆਂ, ਰਾਜਧਾਨੀ ਅਤੇ ਹੋਰ ਹੱਕਾਂ ਦੀ ਰੱਖਿਆ ਕਰਨਾ ਹਰ ਪੰਜਾਬੀ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਦਾ ਖ਼ਜ਼ਾਨਾ ਪੰਜਾਬੀਆਂ ਦੀ ਭਲਾਈ, ਰੋਜ਼ਗਾਰ ਅਤੇ ਵਿਕਾਸ ਲਈ ਵਰਤਿਆ ਜਾਣਾ ਚਾਹੀਦਾ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਅਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਦਾ ਜਦੋਂ ਵੀ ਵਿਕਾਸ ਹੋਇਆ ਹੈ, ਉਹ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਸਰਕਾਰਾਂ ਦੇ ਸਮੇਂ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਲੋਂ ਪੰਜਾਬ ਦੇ ਲੋਕਾਂ ਲਈ ਕਈ ਲੋਕ-ਭਲਾਈ ਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਗਈਆਂ ਸਨ।
ਇਸ ਮੌਕੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਹਰਸਹਾਏ ਸ਼ਹਿਰ ਵਿਚ ਸੀਵਰੇਜ ਦੀ ਸਮੱਸਿਆ ਗੰਭੀਰ ਹੈ ਅਤੇ ਜੇਕਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਦੀ ਹੈ ਤਾਂ ਸ਼ਹਿਰ ਦਾ ਸੀਵਰੇਜ ਸਿਸਟਮ ਨਵੇਂ ਸਿਰੇ ਤੋਂ ਪਾਉਣ ਨੂੰ ਪਹਿਲ ਦਿੱਤੀ ਜਾਵੇਗੀ।
ਨੋਨੀ ਮਾਨ ਨੇ ਕਿਹਾ ਕਿ ਸ਼ਹਿਰ ਵਿਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਵੀ ਠੱਲ੍ਹ ਪਾਈ ਜਾਵੇਗੀ ਅਤੇ ਲੋਕਾਂ ਨੂੰ ਬਿਹਤਰ ਸੁਰੱਖਿਆ ਤੇ ਪ੍ਰਸ਼ਾਸਨ ਦੇਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਹਰਸਿਮਰਤ ਕੌਰ ਬਾਦਲ ਨੇ ਰੈਲੀ ਦੌਰਾਨ ਵਰਦੇਵ ਸਿੰਘ ਨੋਨੀ ਮਾਨ ਦੇ ਪਰਿਵਾਰ ਵਲੋਂ ਔਖੇ ਸਮੇਂ ਵਿਚ ਪਾਰਟੀ ਨਾਲ ਖੜ੍ਹਨ ਲਈ ਧੰਨਵਾਦ ਕੀਤਾ।
ਇਸ ਮੌਕੇ ਦਰਸ਼ਨ ਸਿੰਘ ਮੋਠਾ ਵਾਲਾ, ਨਰਦੇਵ ਸਿੰਘ ਬੌਬੀ ਮਾਨ, ਹਰਪਾਲ ਸਿੰਘ ਬੇਦੀ, ਸੁਖਪਾਲ ਸਿੰਘ ਨੰਨੂ, ਜਸਪ੍ਰੀਤ ਮਾਨ, ਜੋਗਿੰਦਰ ਸਿੰਘ ਜਿੰਦੂ, ਜਨਮੇਜਾ ਸਿੰਘ ਸੇਖੋ, ਨੀਰਜ ਸਹਿਗਲ, ਪੰਕਜ ਸਹਿਗਲ, ਕੌਂਸਲਰ ਰਵੀ ਕੁਮਾਰ, ਕਪਿਲ ਕੰਧਾਰੀ, ਕੌਂਸਲਰ ਰਚਿਤ ਸੋਡੀ, ਨਰਦੇਵ ਸਿੰਘ ਬੋਬੀ ਮਾਨ ਗੁਰਸੇਵਕ ਸਿੰਘ ਕੈਸ਼ਮਾਨ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਿਰ ਸਨ।
ਅੰਤ ਵਿਚ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਾਸੀਆਂ ਨੂੰ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰੱਖਿਆ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਇਕਜੁੱਟ ਹੋ ਕੇ ਫੈਸਲਾ ਕਰਨ ਕਿ ਮੁੜ ਤੋਂ 2027 ਵਿੱਚ ਖੇਤਰੀ ਪਾਰਟੀ ਨੂੰ ਸੱਤਾ ਵਿੱਚ ਲਿਆਉਣਾ ਹੈ ਤਾਂ ਪੰਜਾਬ ਦਾ ਭਵਿੱਖ ਮੁੜ ਬਦਲਿਆ ਜਾ ਸਕਦਾ ਹੈ। ਇਸ ਮੌਕੇ ਵਰਦੇਵ ਸਿੰਘ ਨੋਨੀ ਮਾਨ ਵਲੋਂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸਿਰੋਪਾ ਅਤੇ ਕਿਰਪਾਨ ਦੇ ਕੇ ਸਨਮਾਨਿਤ ਕੀਤਾ ਗਿਆ।