ਜੈਤੋ, 21 ਅਗਸਤ (ਗੁਰਮੀਤਪਾਲ ਰੋੜੀਕਪੂਰਾ): ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ‘ਬੰਦੀ ਸਿੱਖਾਂ’ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਪ੍ਰਮੁੱਖ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਦਾ ਜੈਤੋ ਖੇਤਰ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਤਹਿਤ ਜੈਤੋ ਦੇ ਬਾਜ਼ਾਰ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ।
ਇਲਾਕੇ ਦੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਦੇ ਹੱਕ ਵਿੱਚ ਆਪਣੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਨੂੰ ਪੂਰਨ ਸਮਰਥਨ ਦਿੱਤਾ। ਲੋਕਾਂ ਦੀ ਸਹੂਲਤ ਅਤੇ ਐਮਰਜੈਂਸੀ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਮੈਡੀਕਲ ਸਟੋਰਾਂ ਅਤੇ ਜ਼ਰੂਰੀ ਸਿਹਤ ਸੇਵਾਵਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ।
ਇਸ ਮੌਕੇ ਸਿੱਖ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਿਹੜੇ ਵਿਅਕਤੀ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਵਿੱਚ ਦੇਰੀ ਕਰਨਾ ਨਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਸਲਾ ਹੈ। ਆਗੂਆਂ ਨੇ ਸਰਕਾਰਾਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬੰਦੀ ਸਿੱਖਾਂ ਦੀ ਰਿਹਾਈ ਲਈ ਠੋਸ ਕਦਮ ਚੁੱਕੇ ਜਾਣ।
ਜੈਤੋ ਵਿੱਚ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਵੱਲੋਂ ਦਿੱਤੇ ਗਏ ਵਿਆਪਕ ਸਹਿਯੋਗ ਨੂੰ ਜਥੇਬੰਦੀਆਂ ਦੇ ਆਗੂਆਂ ਨੇ ਮਾਣਮੱਤੀ ਗੱਲ ਦੱਸਦਿਆਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਹੁਣ ਸਿਰਫ਼ ਕਿਸੇ ਇੱਕ ਜਥੇਬੰਦੀ ਤੱਕ ਸੀਮਤ ਨਹੀਂ ਰਿਹਾ, ਸਗੋਂ ਇਨਸਾਫ਼ ਦੀ ਮੰਗ ਕਰਨ ਵਾਲੇ ਲੋਕਾਂ ਦੀ ਸਾਂਝੀ ਆਵਾਜ਼ ਬਣਦਾ ਜਾ ਰਿਹਾ ਹੈ।