ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ, ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ 29 ਅਗਸਤ ਨੂੰ ਅਰਦਾਸ ਕਰਨ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਹਰੀਕੇ ਪੱਤਣ ਵਿਖੇ ਯਾਦਗਾਰ ਬਨਾਉਣ ਦੀ ਪ੍ਰਵਾਨਗੀ ਸਮੇਤ ਕਈ ਅਹਿਮ ਫੈਸਲੇ ਕੀਤੇ ਗਏ।
ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੱਜ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਰੱਖਣ ਵਾਲੀਆਂ ਸ਼ਖ਼ਸੀਅਤਾਂ ਭਾਈ ਗੁਰਦਾਸ ਜੀ ਅਤੇ ਸ਼ਹੀਦੀ ਭਾਈ ਮਨੀ ਸਿੰਘ ਜੀ ਸਬੰਧੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਯਾਦਗਾਰੀ ਅਸਥਾਨ ਬਨਾਉਣ ਦਾ ਸਿਧਾਂਤਕ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਗੁਰਦਾਸ ਜੀ ਅਤੇ ਸ਼ਹੀਦੀ ਭਾਈ ਮਨੀ ਸਿੰਘ ਜੀ ਦਾ ਸਿੱਖ ਇਤਿਹਾਸ ਅੰਦਰ ਵੱਡਾ ਅਸਥਾਨ ਹੈ ਅਤੇ ਉਨ੍ਹਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਵੱਡੀਆਂ ਸੇਵਾਵਾਂ ਨਿਭਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੇ ਦੋਵੇਂ ਪਾਸੇ ਤਿਆਰ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਅਤੇ ਸਮੂਹਕ ਅਰਦਾਸ ਕਰਨ ਦਾ ਫੈਸਲਾ ਕੀਤਾ ਹੈ।
29 ਅਗਸਤ ਨੂੰ ਭੋਗ ਪਾਏ ਜਾਣਗੇ ਅਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸਮੂਹਿਕ ਤੌਰ ’ਤੇ ਅਰਦਾਸ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਵਿਦਿਅਕ ਅਦਾਰਿਆਂ ਅਤੇ ਟਰੱਸਟਾਂ ਵਿਚ ਵੀ 29 ਅਗਸਤ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਣ ਦੀ ਵੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰਾਂ ਵਲੋਂ ਨਾ-ਇਨਸਾਫ਼ੀ ਹੋ ਰਹੀ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਮਾਮਲਾ ਵੀ ਸਰਕਾਰ ਵਲੋਂ ਕਿਸੇ ਪਾਸੇ ਨਹੀਂ ਲਗਾਇਆ ਜਾ ਰਿਹਾ।
ਪ੍ਰਧਾਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਬੰਧੀ ਹਰੀਕੇ ਪੱਤਣ ਵਿਖੇ ਕਰਵਾਏ ਗਏ ਸਮਾਗਮ ਸਮੇਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ ਭਾਈ ਖਾਲੜਾ ਸਬੰਧੀ ਯਾਦਗਾਰ ਉਸਾਰਨ ਨੂੰ ਵੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਗ੍ਹਾਂ ਦੀ ਚੋਣ ਕਰਕੇ ਜਲਦ ਸ਼ੁਰੂਆਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੌਤ ਮਗਰੋਂ ਕਾਂਗਰਸ ਪਾਰਟੀ ਦੇ ਲੀਡਰਾਂ ਵਲੋਂ ਉਸ ਦੀ ਕੀਤੀ ਜਾ ਰਹੀ ਪ੍ਰਸ਼ੰਸਾ ਦੀ ਵੀ ਨਿੰਦਾ ਕੀਤੀ। ਧਾਮੀ ਨੇ ਕਿਹਾ ਕਿ ਨਿਰਦੋਸ਼ ਸਿੱਖਾਂ ਦੇ ਕਾਤਲ ਵਿਅਕਤੀਆਂ ਨੂੰ ਕਾਂਗਰਸ ਪਾਰਟੀ ਵਲੋਂ ਉੱਚ ਸਿਆਸੀ ਅਹੁਦੇ ਦੇ ਕੇ ਨਿਵਾਜਣਾ ਅਤੇ ਹੁਣ ਕੀਤੀ ਜਾ ਰਹੀ ਪ੍ਰਸ਼ੰਸਾ ਕਾਂਗਰਸ ਦੀ ਸਿੱਖਾਂ ਪ੍ਰਤੀ ਸੋਚ ਦਾ ਪ੍ਰਗਟਾਵਾ ਹੈ।
ਅੰਤ੍ਰਿੰਗ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ ਕੈਨੇਡਾ ਦੇ ਐਡਮਨਟਨ ਵਿਖੇ ਗੁਰਦੁਆਰਾ ਨਾਨਕਸਰ ਸਾਹਿਬ ’ਚ ਇਕ ਵਿਅਕਤੀ ਵਲੋਂ ਸੇਵਾਦਾਰਾਂ ’ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਘਟਨਾ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਅੰਤ੍ਰਿੰਗ ਕਮੇਟੀ ਨੇ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਲਈ 2.5 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਆਦਿ ਸ਼ਾਮਿਲ ਸਨ।