ਪਠਾਨਕੋਟ, 25 ਅਗਸਤ (ਸੰਧੂ)- ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਫਰੰਟ, ਪੰਜਾਬ ਵਲੋਂ 27 ਅਗਸਤ ਨੂੰ ਦਿੱਤੇ ਗਏ ਸਮੂਹਿਕ ਛੁੱਟੀ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਮੁਲਾਜ਼ਮ ਅਤੇ ਅਧਿਆਪਕ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਉਪਰੰਤ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ) ਪਠਾਨਕੋਟ ਨੂੰ ਚੇਤਾਵਨੀ ਪੱਤਰ ਅਤੇ ਮੰਗ ਪੱਤਰ ਸੌਂਪ ਕੇ 27 ਅਗਸਤ ਦੇ ਪ੍ਰੋਗਰਾਮ ਸਬੰਧੀ ਜਾਣੂੰ ਕਰਵਾਇਆ ਗਿਆ। ਇਸ ਮੌਕੇ ਮਾਸਟਰ ਕਾਡਰ ਯੂਨੀਅਨ ਜ਼ਿਲ੍ਹਾ ਪਠਾਨਕੋਟ, ਲੈਕਚਰਾਰ ਯੂਨੀਅਨ, ਗਵਰਮੈਂਟ ਟੀਚਰ ਯੂਨੀਅਨ, ਕੰਪਿਊਟਰ ਟੀਚਰ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਯੂਨੀਅਨ, ਐਲੀਮੈਂਟਰੀ ਟੀਚਰ ਯੂਨੀਅਨ, ਈ.ਟੀ.ਟੀ. ਯੂਨੀਅਨ ਜ਼ਿਲ੍ਹਾ ਪ੍ਰੀਸ਼ਦ, ਐੱਸ.ਸੀ./ਬੀ.ਸੀ. ਯੂਨੀਅਨ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ।
ਗੱਲਬਾਤ ਕਰਦੇ ਹੋਏ ਆਗੂਆਂ ਰਮਨ ਕੁਮਾਰ, ਰਕੇਸ਼ ਕੁਮਾਰ, ਕੌਸ਼ਲ ਕੁਮਾਰ, ਰਕੇਸ਼ ਪਠਾਣੀਆ, ਰਜਨੀਸ਼ ਕੁਮਾਰ, ਰਵਿਕਾਂਤ, ਰਾਕੇਸ਼ ਸੈਣੀ, ਪਰਮਜੀਤ ਬੈਂਸ, ਭਵਾਨੀ ਠਾਕੁਰ, ਸੁਭਾਸ਼ ਕੁਮਾਰ, ਪਵਨ ਸ਼ਰਮਾ, ਹੈਡਮਾਸਟਰ. ਮੁਨੀਸ਼ ਕੁਮਾਰ, ਵਿਕਾਸ ਧਵਨ ਸਮੇਤ ਵੱਖ-ਵੱਖ ਮੁਲਾਜ਼ਮ ਤੇ ਅਧਿਆਪਕ ਜਥੇਬੰਦੀਆਂ ਨੇ ਸਾਂਝੇ ਤੋਰ ਤੇ ਕਿਹਾ ਕਿ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਾ ਕਰਨਾ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨਾ ਮੁਲਾਜ਼ਮ ਵਰਗ ਨਾਲ ਬੇਇਨਸਾਫ਼ੀ ਹੈ।
ਆਗੂਆਂ ਨੇ ਕਿਹਾ ਕਿ ਡੀ.ਏ. ਮੁਲਾਜ਼ਮਾਂ ਦਾ ਹੱਕ ਹੈ ਅਤੇ ਪੁਰਾਣੀ ਪੈਨਸ਼ਨ ਸਕੀਮ ਮੁਲਾਜ਼ਮਾਂ ਦੇ ਭਵਿੱਖ ਦੀ ਸਮਾਜਿਕ ਸੁਰੱਖਿਆ ਨਾਲ ਜੁੜਿਆ ਅਹਿਮ ਮਸਲਾ ਹੈ। ਸਰਕਾਰ ਨੂੰ ਟਾਲਮਟੋਲ ਦੀ ਨੀਤੀ ਛੱਡ ਕੇ ਦੋਵਾਂ ਮਸਲਿਆਂ ਦਾ ਤੁਰੰਤ ਅਤੇ ਸਥਾਈ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਲਾਜ਼ਮ ਵਰਗ ਆਪਣੀਆਂ ਹੱਕੀ ਮੰਗਾਂ ਤੋਂ ਪਿੱਛੇ ਨਹੀਂ ਹਟੇਗਾ ਅਤੇ ਜਥੇਬੰਦੀਆਂ ਦੀ ਏਕਤਾ ਨੂੰ ਹੋਰ ਮਜ਼ਬੂਤ ਕਰਦਿਆਂ ਸੰਘਰਸ਼ ਨੂੰ ਅੱਗੇ ਵਧਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਮੂਹਿਕ ਛੁੱਟੀ ਲੈਣ ਸਬੰਧੀ ਜਿਲਾ ਸਿੱਖਿਆ ਅਧਿਕਾਰੀ ਦਫ਼ਤਰ ਵਿਖੇ ਵੱਖ-ਵੱਖ ਯੂਨੀਅਨਾਂ ਵਲੋਂ ਸਾਂਝੇ ਤੌਰ ਤੇ ਚੇਤਾਵਨੀ ਪੱਤਰ ਦੇ ਦਿੱਤਾ ਗਿਆ ਹੈ ਅਤੇ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਨੂੰ ਅਪੀਲ ਹੈ ਕਿ ਉਹ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ 27 ਅਗਸਤ ਨੂੰ ਸਵੇਰੇ 11 ਵਜੇ ਬੱਸ ਸਟੈਂਡ ਪਠਾਨਕੋਟ ਵਿਖੇ ਕੀਤੇ ਜਾਣ ਵਾਲੇ ਵੱਡੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ। ਉਨ੍ਹਾਂ ਦੱਸਿਆ ਕਿ 27 ਅਗਸਤ ਦੀ ਸਮੂਹਿਕ ਛੁੱਟੀ ਬਾਰੇ ਸਿੱਖਿਆ ਮੰਤਰੀ ਅਤੇ ਉੱਚ ਅਧਿਕਾਰੀਆਂ ਨੂੰ ਈਮੇਲ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ।