ਜਗਰਾਉਂ (ਲੁਧਿਆਣਾ), 29 ਅਗਸਤ (ਕੁਲਦੀਪ ਸਿੰਘ ਲੋਹਟ)- ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮਾਂ ਦੇ ਆਖ਼ਰੀ ਦਿਨ ਅੱਜ ਠਾਠ ਨਾਨਕਸਰ ਵਿਖੇ ਸ਼ਰਧਾ ਅਤੇ ਅਧਿਆਤਮਕਤਾ ਦਾ ਵਿਸ਼ਾਲ ਮਾਹੌਲ ਦੇਖਣ ਨੂੰ ਮਿਲਿਆ। ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਨਾਨਕਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਬਾਬਾ ਨੰਦ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਬਰਸੀ ਸਮਾਗਮਾਂ ਦੇ ਆਖ਼ਰੀ ਦਿਨ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਖੇਤਰ ਦੀਆਂ ਕਈ ਨਾਮਵਰ ਸ਼ਖ਼ਸੀਅਤਾਂ ਨੇ ਵੀ ਨਾਨਕਸਰ ਵਿਖੇ ਹਾਜ਼ਰੀ ਭਰੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਗੁਰਚਰਨ ਸਿੰਘ ਗਰੇਵਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਫੈਡਰੇਸ਼ਨ ਆਗੂ ਅਮਰਜੀਤ ਸਿੰਘ ਚਾਵਲਾ ਨੇ ਨਾਨਕਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਨ੍ਹਾਂ ਸ਼ਖ਼ਸੀਅਤਾਂ ਨੇ ਨਾਨਕਸਰ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ ਅਤੇ ਬਾਬਾ ਨੰਦ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਿਜਦਾ ਕੀਤਾ। ਇਸ ਮੌਕੇ ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ, ਆਪਸੀ ਭਾਈਚਾਰੇ ਅਤੇ ਸ਼ਾਂਤੀ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਗੁਰਬਾਣੀ ਕੀਰਤਨ ਅਤੇ ਧਾਰਮਿਕ ਵਿਚਾਰਾਂ ਨਾਲ ਨਾਨਕਸਰ ਦਾ ਸਮੁੱਚਾ ਵਾਤਾਵਰਨ ਅਧਿਆਤਮਕ ਰੰਗ ਵਿੱਚ ਰੰਗਿਆ ਰਿਹਾ।
ਬਾਬਾ ਨੰਦ ਸਿੰਘ ਜੀ ਦੀਆਂ ਸੇਵਾਵਾਂ ਨੂੰ ਕੀਤਾ ਯਾਦ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਨੰਦ ਸਿੰਘ ਜੀ ਨੂੰ ਅਧਿਆਤਮਕ ਖੇਤਰ ਦੀ ਸਿਰਮੌਰ ਸ਼ਖ਼ਸੀਅਤ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪਾਏ ਗਏ ਯੋਗਦਾਨ ਨੂੰ ਸਦੀਆਂ ਤੱਕ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਬਾਬਾ ਨੰਦ ਸਿੰਘ ਜੀ ਨੇ ਆਪਣਾ ਜੀਵਨ ਗੁਰਬਾਣੀ, ਸਿਮਰਨ, ਸੇਵਾ ਅਤੇ ਸੰਗਤ ਨੂੰ ਸਮਰਪਿਤ ਕਰਕੇ ਅਨੇਕਾਂ ਲੋਕਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਨਾਲ ਜੋੜਿਆ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਸਿੱਖ ਪੰਥ ਨਾਲ ਜੁੜੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਨ ਅਤੇ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਪੰਥਕ ਪੱਧਰ ’ਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮਾਮਲੇ ਨੂੰ ਲੋਕਾਂ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦੀ ਲੋੜ ਹੈ।
ਸਪੀਕਰ ਸੰਧਵਾਂ ਨੇ ਕਿਹਾ ਕਿ ਬਾਬਾ ਨੰਦ ਸਿੰਘ ਜੀ ਦੀਆਂ ਸਿੱਖਿਆਵਾਂ ਅੱਜ ਵੀ ਸੰਗਤ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਮਨੁੱਖ ਨੂੰ ਆਪਣੀਆਂ ਜੜ੍ਹਾਂ, ਗੁਰਬਾਣੀ ਅਤੇ ਅਧਿਆਤਮਕ ਜੀਵਨ ਨਾਲ ਜੋੜਨ ਦਾ ਕਾਰਜ ਕਰਦੇ ਹਨ। ਇਸ ਮੌਕੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਨਾਨਕਸਰ ਸੰਪਰਦਾਇ ਨੂੰ ਅਧਿਆਤਮਕਤਾ ਦਾ ਅਨੂਠਾ ਕੇਂਦਰ ਦੱਸਦਿਆਂ ਆਖਿਆ ਕਿ ਇਸ ਅਸਥਾਨ 'ਤੇ ਨਤਮਸਤਕ ਹੋ ਕੇ ਸੁਖਦ ਸਕੂਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਅਸਥਾਨ ਦੀ ਸਾਕਾਰਾਤਮਕ ਊਰਜਾ ਜੀਵ ਨੂੰ ਮਾਨਸਿਕ ਤੌਰ 'ਤੇ ਮਜ਼ਬੂਤ ਕਰਦੀ ਹੈ, ਜਿਸ ਨਾਲ ਮਨੁੱਖੀ ਮਨ ਚੰਗੇ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਕਰਦਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਨੇ ਵੀ ਨਾਨਕਸਰ ਸੰਪਰਦਾਇ ਦੇ ਪ੍ਰਮੁੱਖ ਅਸਥਾਨ 'ਤੇ ਮੱਥਾ ਟੇਕਿਆ ਅਤੇ ਕੀਰਤਨ ਦਾ ਅਨੰਦ ਵੀ ਮਾਣਿਆ।