ਬੈਂਗਲੁਰੂ, 29 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਆਰਟ ਆਫ ਲਿਵਿੰਗ ਦੇ ਸੰਸਥਾਪਕ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਨਾਲ ਮੁਲਾਕਾਤ ਕੀਤੀ।
ਇਸ ਮੁਲਾਕਾਤ ਦੌਰਾਨ ਵੱਖ-ਵੱਖ ਸਮਾਜਿਕ ਅਤੇ ਲੋਕ-ਭਲਾਈ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਆਪਸੀ ਸਾਂਝ, ਸ਼ਾਂਤੀ ਅਤੇ ਮਨੁੱਖੀ ਭਲਾਈ ਨਾਲ ਸਬੰਧਤ ਪਹਿਲੂਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।
ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਬੈਂਗਲੁਰੂ ਵਿਖੇ 'ਆਰਟ ਆਫ਼ ਲਿਵਿੰਗ' (Art of Living) ਆਸ਼ਰਮ ਵਿਚ ਅਧਿਆਤਮਿਕ ਗੁਰੂ ਸ਼੍ਰੀ ਸ਼੍ਰੀ ਰਵੀ ਸ਼ੰਕਰ ਜੀ ਨਾਲ ਮੁਲਾਕਾਤ ਕੀਤੀ... ਇਸ ਦੌਰਾਨ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਨੀਸ਼ ਸਿਸੋਦੀਆ ਜੀ ਨਾਲ ਗੁਰੂਦੇਵ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ... ਸਮਾਜ ਭਲਾਈ, ਸਿੱਖਿਆ, ਮਾਨਸਿਕ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਹੋਇਆ ਅਤੇ ਪੰਜਾਬ ਸਮੇਤ ਸਮੁੱਚੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ।