10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡੀ.ਏ. ਦੇ ਮਾਮਲੇ ’ਤੇ ਹਾਈਕੋਰਟ ਦੇ ਫ਼ੈਸਲੇ ’ਤੇ ਸਰਕਾਰ ਨੂੰ ਇਤਰਾਜ਼ ਹੈ ਤਾਂ ਉਹ ਕਾਨੂੰਨ ਅਨੁਸਾਰ ਢੁਕਵੇਂ ਮੰਚ ’ਤੇ ਇਸ ਨੂੰ ਚੁਣੌਤੀ ਦੇਵੇ- ਹਾਈਕੋਰਟ

ਚੰਡੀਗੜ੍ਹ, 10 ਸਤੰਬਰ (ਪ੍ਰੋ ਅਵਤਾਰ ਸਿੰਘ) - ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਨਾਲ ਸੰਬੰਧਿਤ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਹੈ।

ਅਜੀਤ ਡੈਸਕ 10-09-2026

ਚੰਡੀਗੜ੍ਹ, 10 ਸਤੰਬਰ (ਪ੍ਰੋ ਅਵਤਾਰ ਸਿੰਘ) - ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਨਾਲ ਸੰਬੰਧਿਤ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਹਾਈਕੋਰਟ ਦੇ ਹੁਕਮਾਂ ’ਤੇ ਅਮਲ ਨਾ ਕਰਨ ਲਈ ਸੁਪਰੀਮ ਕੋਰਟ ’ਚ ਅਪੀਲ ਲੰਬਿਤ ਹੋਣ ਦਾ ਹਵਾਲਾ ਨਹੀਂ ਦਿੱਤਾ ਜਾ ਸਕਦਾ। ਅਦਾਲਤ ਨੇ ਸਰਕਾਰ ਨੂੰ ਸਖ਼ਤ ਲਹਿਜ਼ੇ ’ਚ ਕਿਹਾ ਕਿ ਉਹ ਅਦਾਲਤ ਨਾਲ ‘ਖੇਡ ਖੇਡਣ’ ਅਤੇ ਕਾਨੂੰਨੀ ਪ੍ਰਕਿਰਿਆ ’ਚ ਚਾਲਾਂ ਚੱਲਣ ਤੋਂ ਗੁਰੇਜ਼ ਕਰੇ।

ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਇਸ ਦੇ ਪਹਿਲਾਂ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਸਰਕਾਰ ਨੇ ਨਾ ਤਾਂ ਲੋੜੀਂਦੀ ਕਾਰਵਾਈ ਕੀਤੀ ਅਤੇ ਨਾ ਹੀ ਕੀਤੀ ਗਈ ਕਾਰਵਾਈ ਸੰਬੰਧੀ ਕੋਈ ਰਿਪੋਰਟ ਅਦਾਲਤ ’ਚ ਪੇਸ਼ ਕੀਤੀ। ਸਰਕਾਰ ਵਲੋਂ ਦੱਸਿਆ ਗਿਆ ਕਿ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ’ਚ ਅਪੀਲ ਦਾਇਰ ਕੀਤੀ ਜਾ ਚੁੱਕੀ ਹੈ।

ਮੁਲਾਜ਼ਮਾਂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਚੇਤਨ ਮਿੱਤਲ ਅਤੇ ਵਕੀਲ ਗਗਨੇਸ਼ਵਰ ਵਾਲੀਆ ਨੇ ਸਰਕਾਰ ਦੇ ਇਸ ਤਰਕ ’ਤੇ ਇਤਰਾਜ਼ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦਾਇਰ ਅਪੀਲ ’ਚ ਖ਼ਾਮੀਆਂ ਹਨ, ਜਿਨ੍ਹਾਂ ਨੂੰ ਅਜੇ ਤੱਕ ਦੂਰ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਇਨ੍ਹਾਂ ਖ਼ਾਮੀਆਂ ਨੂੰ ਦੂਰ ਕਰਨ ਲਈ ਵੀ ਕਦਮ ਨਹੀਂ ਚੁੱਕੇ ਜਾ ਰਹੇ ਅਤੇ ਮਾਮਲੇ ਨੂੰ ਜਾਣਬੁੱਝ ਕੇ ਲੰਮਾ ਖਿੱਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਾਈਕੋਰਟ ਨੇ ਸਰਕਾਰ ਦੇ ਰਵੱਈਏ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੂੰ ਹਾਈਕੋਰਟ ਦੇ ਫ਼ੈਸਲੇ ’ਤੇ ਇਤਰਾਜ਼ ਹੈ ਤਾਂ ਉਹ ਕਾਨੂੰਨ ਅਨੁਸਾਰ ਢੁਕਵੇਂ ਮੰਚ ’ਤੇ ਇਸ ਨੂੰ ਚੁਣੌਤੀ ਦੇਵੇ। ਅਦਾਲਤ ਨੇ ਕਿਹਾ ਕਿ ਟਵੀਟ ਰਾਹੀਂ ਫ਼ੈਸਲੇ ਨੂੰ ਚੁਣੌਤੀ ਦੇਣ ਦੀ ਬਜਾਏ ਸਰਕਾਰ ਨੂੰ ਅਦਾਲਤੀ ਹੁਕਮਾਂ ’ਤੇ ਅਮਲ ਕਰਕੇ ਦਿਖਾਉਣਾ ਚਾਹੀਦਾ ਹੈ।

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 10 ਦਿਨਾਂ ਦਾ ਸਮਾਂ ਦਿੰਦਿਆਂ ਹਦਾਇਤ ਕੀਤੀ ਕਿ ਇਸ ਮਿਆਦ ਦੌਰਾਨ ਸੁਪਰੀਮ ਕੋਰਟ ’ਚ ਦਾਇਰ ਅਪੀਲ ’ਤੇ ਸੁਣਵਾਈ ਕਰਵਾਈ ਜਾਵੇ। ਜੇਕਰ 10 ਦਿਨਾਂ ਅੰਦਰ ਸੁਪਰੀਮ ਕੋਰਟ ’ਚ ਮਾਮਲੇ ਦੀ ਸੁਣਵਾਈ ਨਹੀਂ ਹੁੰਦੀ ਤਾਂ ਹਾਈਕੋਰਟ ਮਾਮਲੇ ਨੂੰ ਆਪਣੇ ਪੱਧਰ ’ਤੇ ਅੱਗੇ ਸੁਣੇਗਾ।

ਅਦਾਲਤ ਦੀਆਂ ਸਖ਼ਤ ਟਿੱਪਣੀਆਂ ਤੋਂ ਸਪੱਸ਼ਟ ਹੈ ਕਿ ਸਿਰਫ਼ ਅਪੀਲ ਦਾਇਰ ਕਰ ਦੇਣਾ ਹਾਈਕੋਰਟ ਦੇ ਹੁਕਮਾਂ ’ਤੇ ਅਮਲ ਨਾ ਕਰਨ ਦਾ ਆਧਾਰ ਨਹੀਂ ਬਣ ਸਕਦਾ। ਅਦਾਲਤ ਨੇ ਹੁਕਮਾਂ ਦੀ ਪਾਲਣਾ ਅਤੇ ਇਸ ਸਬੰਧੀ ਜਾਣਕਾਰੀ ਅਦਾਲਤ ਦੇ ਸਾਹਮਣੇ ਪੇਸ਼ ਕਰਨ ਨੂੰ ਗੰਭੀਰਤਾ ਨਾਲ ਲਿਆ ਹੈ।

ਪਿਛਲੀ ਖ਼ਬਰ ਬੱਸ ਨੇ ਦਰੜਿਆ ਨੌਜਵਾਨ, ਮੌਤ ਅਗਲੀ ਖ਼ਬਰ ਰਾਜਾਸਾਂਸੀ ਹਵਾਈ ਅੱਡੇ ਨੇੜੇ ਡਰੋਨ ਗਤੀਵਿਧੀ ਮਗਰੋਂ ਪੁਲਿਸ ਸਖ਼ਤ