ਨਵੀਂ ਦਿੱਲੀ, 11 ਸਤੰਬਰ (ਪੀ.ਟੀ.ਆਈ.)-ਭਾਜਪਾ ਆਗੂ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਉਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਕਿਉਂਕਿ ਉਨ੍ਹਾਂ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਜ ਸਭਾ ਦੇ ਚੇਅਰਮੈਨ ਸੀ. ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ ਅਤੇ ਉਨ੍ਹਾਂ ਦੀ ਸੀਟ ਖਾਲੀ ਐਲਾਨ ਦਿੱਤੀ ਹੈ।
ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਰਹੇ ਸ਼ਰਮਾ ਨੇ ਚੇਅਰਮੈਨ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਉੱਚ ਸਦਨ ਤੋਂ ਆਪਣਾ ਅਸਤੀਫ਼ਾ ਸੌਂਪਿਆ। ਸ਼ਰਮਾ ਨੂੰ 5 ਸਤੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਸ਼ਰਮਾ ਐਡਮਿਰਲ ਡੀ ਕੇ ਜੋਸ਼ੀ (ਸੇਵਾ-ਮੁਕਤ) ਦੀ ਥਾਂ ਲੈਣਗੇ, ਜਿਨ੍ਹਾਂ ਨੇ 8 ਅਕਤੂਬਰ, 2017 ਨੂੰ ਅਹੁਦਾ ਸੰਭਾਲਿਆ ਸੀ। 62 ਸਾਲਾ ਸ਼ਰਮਾ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਨ੍ਹਾਂ ਦਾ ਰਾਜ ਸਭਾ ਕਾਰਜਕਾਲ 25 ਨਵੰਬਰ ਨੂੰ ਖਤਮ ਹੋਣਾ ਸੀ। ਉਹ ਰਾਜ ਸਭਾ ਦੇ ਉਪ ਚੇਅਰਪਰਸਨ ਵੀ ਰਹੇ ਸਨ।