23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਰਾਜਾਸਾਂਸੀ ਤੋਂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ

ਰਾਜਾਸਾਂਸੀ (ਅੰਮ੍ਰਿਤਸਰ), 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ...

ਅਜੀਤ ਡੈਸਕ 23-09-2026

ਰਾਜਾਸਾਂਸੀ (ਅੰਮ੍ਰਿਤਸਰ), 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅਗਲੇ ਪੜਾਅ ਲਈ ਅੱਜ ਰਾਜਾਸਾਂਸੀ ਤੋਂ ਰਵਾਨਾ ਹੋਈ। ਇਸ ਮੌਕੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। 
ਇਕੱਤਰ ਸੈਂਕੜੇ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਜਿਥੇ ਪੰਜਾਬ ਦੇ ਅਣਖੀ ਤੇ ਮਿਹਨਤੀ ਲੋਕਾਂ ਨੂੰ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਭਾਜਪਾ ਦਾ ਸਾਥ ਦੇਣ ਦਾ ਸੱਦਾ ਦਿੱਤਾ ਉੱਥੇ ਹੀ ਉਨ੍ਹਾਂ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣ ਵਾਲੀ ਆਮ ਆਦਮੀ ਪਾਰਟੀ ਅਤੇ ਇਸ ਦੇ ਆਗੂਆਂ ’ਤੇ ਤਿੱਖੇ ਸਿਆਸੀ ਨਿਸ਼ਾਨੇ ਵੀ ਸਾਧੇ। ਉਨ੍ਹਾਂ ਕਿਹਾ, ਦਿੱਲੀ ਦੇ ਹਾਰੇ ਹੋਏ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਪੰਜਾਬ ’ਤੇ ਰਾਜ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ ਸਰਕਾਰ ਨੂੰ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਫ਼ੈਸਲਿਆਂ ਵਿਚ ਦਿੱਲੀ ਦੇ ਆਗੂਆਂ ਦੀ ਦਖ਼ਲਅੰਦਾਜ਼ੀ ਨੇ ਪੰਜਾਬ ਨੂੰ ਹਰ ਪਾਸੇ ਤੋਂ ਕੰਮਜ਼ੋਰ ਕਰ ਦਿੱਤਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੈ ਅਤੇ ਇਸ ਦੇ ਖ਼ਾਤਮੇ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਵੀ ਇਕਜੁੱਟ ਹੋ ਕੇ ਸਾਂਝੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਲੋਕ ਲਹਿਰ ਖੜ੍ਹੀ ਕਰਨਾ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ 1 ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ, ਰਵੀਕਰਨ ਸਿੰਘ ਕਾਹਲੋਂ, ਅਸ਼ਵਨੀ ਸੇਖੜੀ, ਹਲਕਾ ਇੰਚਾਰਜ ਦੇ ਮੁਖਵਿੰਦਰ ਸਿੰਘ ਮਾਹਲ, ਸਤਿੰਦਰ ਸੱਤੀ ਅਤੇ ਅਜੇਬੀਰਪਾਲ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ। 

ਪਿਛਲੀ ਖ਼ਬਰ ਏਸ਼ੀਆਈ ਖੇਡਾਂ 'ਚ ਪਰਿਨਾਜ਼ ਧਾਲੀਵਾਲ ਅਤੇ ਭਵਤੇਗ ਸਿੰਘ ਗਿੱਲ ਨੇ ਕਾਂਸੀ ਦਾ ਤਗਮਾ ਜਿੱਤ ਕੇ ਕੀਤਾ ਦੇਸ਼ ਤੇ ਪੰਜਾਬ ਦਾ ਨ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਡੀ.ਏ. ਦਾ ਨੋਟੀਫਿਕੇਸ਼ਨ ਜਾਰੀ