ਤਪਾ ਮੰਡੀ, (ਬਰਨਾਲਾ) 24 ਸਤੰਬਰ ( ਵਿਜੇ ਸ਼ਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਆਪਣੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੰਕਲਪ ਯਾਤਰਾ ਕੱਢੀ ਜਾ ਰਹੀ ਹੈ। ਜਿਸ ਤਹਿਤ ਭਾਜਪਾ ਦੀ ਸੰਕਲਪ ਯਾਤਰਾ ਦਾ ਤਪਾ ਦੀ ਅਨਾਜ ਮੰਡੀ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਸਟੇਜ ’ਤੇ ਸੰਬੋਧਨ ਕਰਦਿਆਂ ਭਾਜਪਾ ਆਗੂ ਐਚ.ਐਸ. ਫੂਲਕਾ ਨੇ ਪੰਜਾਬ ਦੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਈ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਸ ਸਰਕਾਰ ਵਿਚ ਹਰ ਪਿੰਡ ਹਰ ਸ਼ਹਿਰ ਵਿਚ ਨਸ਼ੇ ਦਾ ਕਾਰੋਬਾਰ ਵੱਡੀ ਪੱਧਰ ’ਤੇ ਹੋ ਰਿਹਾ ਹੈ, ਜਿਸ ਵਿਚ ਮੌਜੂਦਾ ਸਰਕਾਰ ਫੇਲ੍ਹ ਹੋਈ ਹੈ ਅਤੇ ਲੋਕਾਂ ਦਾ ਪੈਸਾ ਇਸ਼ਤਿਹਾਰਾਂ ’ਤੇ ਪਾਣੀ ਵਾਂਗੂੰ ਵਹਾਇਆ ਜਾ ਰਿਹਾ ਹੈ, ਜਿਸ ਦਾ ਸੂਬੇ ਦੀ ਜਨਤਾ ਚੋਣਾਂ ਵਿਚ ਹਿਸਾਬ ਮੰਗੇਗੀ। ਐਚ.ਐਸ. ਫੂਲਕਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਮੌਜੂਦਾ ਸਰਕਾਰ ਨੂੰ ਸੱਤਾ ਸੌਂਪੀ ਸੀ, ਪਰ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਜ਼ਮੀਨੀ ਪੱਧਰ ’ਤੇ ਹੋ ਰਹੇ ਕੰਮਾਂ ਬਾਰੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।
ਯਾਤਰਾ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ ਵਿਕਾਸ ਕਾਰਜਾਂ, ਰੁਜ਼ਗਾਰ, ਕਿਸਾਨੀ, ਨੌਜਵਾਨਾਂ, ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਨਾਲ ਸੰਬੰਧਿਤ ਮੁੱਦਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀਆਂ ਮੁੱਖ ਜ਼ਿੰਮੇਵਾਰੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਪੂਰਾ ਕਰਨ ਵਿਚ ਮੌਜੂਦਾ ਸਰਕਾਰ ਅਸਫ਼ਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਵਿੱਚ ਬੁਨਿਆਦੀ ਢਾਂਚੇ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਬਾਰੇ ਵੀ ਸਵਾਲ ਉਠਾਏ। ਇਸ ਮੌਕੇ ਭਾਜਪਾ ਆਗੂ ਦਿਆਲ ਸਿੰਘ ਸੋਢੀ, ਚਰਨਜੀਤ ਸਿੰਘ ਬਰਾੜ,ਧਰਮ ਸਿੰਘ ਫੌਜੀ ,ਨਰਿੰਦਰ ਗਰਗ ਨੀਟਾ ਆਦਿ ਵਲੋਂ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਹਰ ਫਰੰਟ ਤੇ ਘੇਰਦਿਆਂ ਹੋਇਆਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦਾ ਕਾਰੋਬਾਰ ਦਿਨੋਂ ਦਿਨ ਵੱਧ ਫੁੱਲ ਰਿਹਾ ਹੈ, ਕਿਉਂਕਿ ਪੁਲਿਸ ਵਲੋਂ ਨਸ਼ਾ ਕਰਨ ਵਾਲਿਆਂ ਨੂੰ ਚੁੱਕਿਆ ਜਾਂਦਾ ਹੈ ਅਤੇ ਵੱਡੇ ਮਗਰਮੱਛਾਂ ਨੂੰ ਹੱਥ ਨਹੀਂ ਪਾਇਆ ਜਾਂਦਾ, ਇਸ ਤੋਂ ਇਲਾਵਾ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ। ਜ਼ਿਕਰਯੋਗ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਗੈਰ ਹਾਜ਼ਰੀ ਪੰਡਾਲ ਵਿਚ ਰੜਕਦੀ ਰਹੀ, ਜੋ ਕਿ ਚਰਚਾ ਦਾ ਵਿਸ਼ਾ ਬਣੀ ਰਹੀ।