ਚੋਗਾਵਾਂ/ਅੰਮ੍ਰਿਤਸਰ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ, ਵੈਰੋਕੇ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੁੰਨਿਆਂ ਦਾ ਪਵਿੱਤਰ ਦਿਹਾੜਾ ਅਤੇ ਸਲਾਨਾ ਧਾਰਮਿਕ ਸਮਾਗਮ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।
ਇਸ ਮਹਾਨ ਧਾਰਮਿਕ ਸਮਾਗਮ ਵਿਚ ਪਿੰਡ ਲੋਪੋਕੇ ਦੀ ਸਮੂਹ ਸਾਧ ਸੰਗਤ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨਤਾ ਦੇ ਭੋਗ ਪਾਏ ਗਏ। ਇਸ ਉਪਰੰਤ ਅਲੌਕਿਕ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਢਾਡੀ ਭਾਈ ਮਿਲਖਾ ਸਿੰਘ ਮੌਜੀ ਦੇ ਜਥੇ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਪਵਿੱਤਰ ਅਤੇ ਇਤਿਹਾਸਿਕ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਗੁਰਬਾਣੀ ਦਾ ਜਸ ਸਰਵਣ ਕਰਨ ਲਈ ਵੱਖ-ਵੱਖ ਪਿੰਡਾਂ ਤੋਂ ਇਲਾਵਾ ਲੋਪੋਕੇ ਦੀ ਸਮੂਹ ਸਾਧ ਸੰਗਤ ਨੇ ਬਹੁਤ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ। ਸਮਾਗਮ ਦੌਰਾਨ ਆਉਣ ਵਾਲੀਆਂ ਸਮੂਹ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਅਤੁੱਟ ਲੰਗਰ ਵਰਤਾਏ ਗਏ।