ਕਰਨਾਲ (ਹਰਿਆਣਾ), 27 ਸਤੰਬਰ (ਗੁਰਮੀਤ ਸਿੰਘ ਸੱਗੂ)- ਜ਼ਿਲ੍ਹਾ ਪੁਲਿਸ ਕਰਨਾਲ ਵਲੋਂ ਪੁਲਿਸ ਸੁਪਰਡੈਂਟ ਕਰਨ ਗੋਇਲ, ਆਈ.ਪੀ.ਐਸ. ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਹੇਠ ਗੰਭੀਰ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਪ੍ਰਭਾਵਸ਼ਾਲੀ ਅਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਕੜੀ ਵਿਚ ਥਾਣਾ ਮਧੂਬਨ ਦੇ ਅਧੀਨ ਆਉਂਦੇ ਪਿੰਡ ਕੰਬੋਪੁਰਾ ਵਿਚ ਹੋਏ ਆਪਸੀ ਲੜਾਈ-ਝਗੜੇ ਦੌਰਾਨ ਇਕ ਵਿਅਕਤੀ ਦੀ ਮੌਤ ਦੇ ਮਾਮਲੇ ਵਿਚ ਮਧੂਬਨ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਵਿਚ ਮੁੱਖ ਮੁਲਜ਼ਮ ਅਕਸ਼ੈ ਪੁੱਤਰ ਰਾਜਿੰਦਰ, ਵਾਸੀ ਪਿੰਡ ਕੰਬੋਪੁਰਾ, ਜ਼ਿਲ੍ਹਾ ਕਰਨਾਲ ਅਤੇ ਉਸ ਦੇ ਦੋ ਸਾਥੀ ਸ਼ਾਮਲ ਹਨ।
ਥਾਣਾ ਮਧੂਬਨ ਦੇ ਇੰਚਾਰਜ ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ 25 ਸਤੰਬਰ 2026 ਨੂੰ ਥਾਣਾ ਮਧੂਬਨ ਪੁਲਿਸ ਨੂੰ ਕੰਟਰੋਲ ਰੂਮ ਰਾਹੀਂ ਸੂਚਨਾ ਮਿਲੀ ਕਿ ਪਿੰਡ ਕੰਬੋਪੁਰਾ ਵਿਚ ਦੋ ਧਿਰਾਂ ਵਿਚਕਾਰ ਲੜਾਈ-ਝਗੜਾ ਹੋਇਆ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
ਪੁਲਿਸ ਨੂੰ ਜਾਣਕਾਰੀ ਮਿਲੀ ਕਿ ਝਗੜੇ ਦੌਰਾਨ ਰਾਜਪਾਲ ਅਤੇ ਉਸ ਦਾ ਪੁੱਤਰ ਕਮਲ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਰਾਜਪਾਲ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਮ੍ਰਿਤਕ ਦੇ ਪੁੱਤਰ ਕਮਲ ਦੀ ਸ਼ਿਕਾਇਤ ’ਤੇ ਥਾਣਾ ਮਧੂਬਨ ਵਿੱਚ ਮੁਕੱਦਮਾ ਨੰਬਰ 334, ਮਿਤੀ 25 ਸਤੰਬਰ 2026 ਨੂੰ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮਧੂਬਨ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲੇ ਵਿੱਚ ਸ਼ਾਮਲ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਵਿੱਚ ਵਰਤਿਆ ਗਿਆ ਲੱਕੜ ਦਾ ਡੰਡਾ ਵੀ ਬਰਾਮਦ ਕੀਤਾ ਹੈ। ਪੁਲਿਸ ਟੀਮ ਵੱਲੋਂ ਤਿੰਨਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ।
ਪੁਲਿਸ ਵਲੋਂ ਮਾਮਲੇ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮ ਵਲੋਂ ਘਟਨਾ ਸਥਾਨ ਨਾਲ ਸਬੰਧਤ ਸਬੂਤਾਂ ਅਤੇ ਹੋਰ ਉਪਲਬਧ ਤੱਥਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਨਿਯਮਾਂ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।