ਤਰਨ ਤਾਰਨ, 3 ਅਕਤੂਬਰ: (ਪਰਮਜੀਤ ਜੋਸ਼ੀ)-ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਤਰਨ ਤਾਰਨ ਦਾਣਾ ਮੰਡੀ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਮੰਡੀ ਵਿਚ ਖ਼ਰੀਦ, ਲਿਫਟਿੰਗ, ਭੁਗਤਾਨ, ਬਾਰਦਾਨੇ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਡਾਇਰੈਕਟਰ ਖੁਰਾਕ ਤੇ ਸਪਲਾਈ ਵਿਭਾਗ ਰਜਨੀਸ਼ ਕੁਮਾਰੀ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਵੀਨ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਹਰਜੋਤ ਸਿੰਘ, ਡੀ.ਐੱਸ.ਪੀ ਜਸਪਾਲ ਸਿੰਘ, ਟ੍ਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਹਰਮਨਦੀਪ ਸਿੰਘ ਮੈਣੀ, ਟ੍ਰੇਡਰਜ਼ ਕਮਿਸ਼ਨ ਦੇ ਹਲਕਾ ਇੰਚਾਰਜ ਅਤੇ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਦਿਲਬਾਗ ਸਿੰਘ ਬਾਠ, ਜਨਰਲ ਸਕੱਤਰ ਪਵੇਲ ਸਿੰਘ ਪੰਨੂ, ਸਰਪ੍ਰਸਤ ਸਰਜੀਤ ਸਿੰਘ ਚੋਹਲਾ, ਗੁਰਿੰਦਰ ਸਿੰਘ ਲਾਲੀ ਚਾਚਾ, ਸੁਰਿੰਦਰ ਸਿੰਘ ਭੁੱਚਰ, ਬਹਾਲ ਸਿੰਘ ਗਿੱਲ ਅਤੇ ਪਰਮਜੀਤ ਜੋਸ਼ੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।