ਅਜਨਾਲਾ, (ਅੰਮ੍ਰਿਤਸਰ), 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀਆਂ ਤੋਂ ਬਾਅਦ ਹੁਣ ਘਰ-ਘਰ ਪਹੁੰਚ ਕਰਨ ਦੀ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਹਲਕਾ ਅਜਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਸ. ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਪਿੰਡ ਨਾਨੋਕੇ ਤੋਂ ‘ਡੋਰ ਟੂ ਡੋਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਪਾਰਟੀ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪਿਛਲੀ ਅਕਾਲੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸ. ਜੋਧ ਸਿੰਘ ਸਮਰਾ ਨੇ ਕਿਹਾ ਕਿ ਇਹ ਮੁਹਿੰਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਆਟਾ-ਦਾਲ ਸਕੀਮ, ਪੈਨਸ਼ਨ ਸਕੀਮ, ਸ਼ਗਨ ਸਕੀਮ, ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਸਮੇਤ ਵੱਖ-ਵੱਖ ਵਰਗਾਂ ਨੂੰ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਸਨ।
ਸ. ਸਮਰਾ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਵਲੋਂ ਲੋਕਾਂ ਨੂੰ ਮਿਲ ਰਹੀਆਂ ਕਈ ਸਹੂਲਤਾਂ ਬੰਦ ਜਾਂ ਪ੍ਰਭਾਵਿਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਨੂੰ ਇਨ੍ਹਾਂ ਮੁੱਦਿਆਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਮੌਕਾ ਦੇ ਕੇ ਦੇਖ ਚੁੱਕੇ ਹਨ ਅਤੇ ਹੁਣ ਲੋਕਾਂ ਨੂੰ ਪੰਜਾਬ ਦੇ ਹਿੱਤਾਂ ਦੀ ਸਭ ਤੋਂ ਵੱਧ ਚਿੰਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਮਨ ਬਣਾ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਹਲਕਾ ਅਜਨਾਲਾ ਵਿਚ ਮੁਹਿੰਮ ਦੀ ਰੂਪ-ਰੇਖਾ ਬਾਰੇ ਸ. ਜੋਧ ਸਿੰਘ ਸਮਰਾ ਨੇ ਕਿਹਾ ਕਿ ਇਹ ਮੁਹਿੰਮ ਪੜਾਅਵਾਰ ਤਰੀਕੇ ਨਾਲ ਪਿੰਡ-ਪਿੰਡ ਚਲਾਈ ਜਾਵੇਗੀ। ਜਿਸ ਦਿਨ ਪਾਰਟੀ ਦਾ ਕੋਈ ਵਿਸ਼ੇਸ਼ ਪ੍ਰੋਗਰਾਮ ਹੋਵੇਗਾ, ਉਸ ਦਿਨ ਨੂੰ ਛੱਡ ਕੇ ਰੋਜ਼ਾਨਾ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਸੁਖਦੇਵ ਸਿੰਘ ਸੁਧਾਰ, ਸਵਿੰਦਰ ਸਿੰਘ ਸਿੰਦ ਸੈਂਸਰਾ, ਬ੍ਰਹਮ ਸਿੰਘ ਝੰਡੇਰ, ਜਸਮੇਰ ਸਿੰਘ ਜੱਸੜ ਅਤੇ ਨੰਬਰਦਰ ਗੁਰਵੇਲ ਸਿੰਘ ਨਾਨੋਕੇ ਕਸ਼ਮੀਰ ਹੋਰ ਪਾਰਟੀ ਆਗੂ ਮੌਜੂਦ ਸਨ I