ਅੰਮ੍ਰਿਤਸਰ, 10 ਅਕਤੂਬਰ (ਰੇਸ਼ਮ ਸਿੰਘ)- ਇਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਦੋ ਗੈਰ-ਕਾਨੂੰਨੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 15 ਕਿਲੋ ਅਫੀਮ, ਇਕ ਅਤਿ-ਆਧੁਨਿਕ M16 ਰਾਈਫਲ, 9 ਨਾਜਾਇਜ਼ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੇ ਵਿਦੇਸ਼ੀ ਤਸਕਰਾਂ ਨਾਲ ਸੰਬੰਧ ਹਨ ਅਤੇ ਉਹ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦੋ-ਫਰੋਖ਼ਤ ਵਿਚ ਸ਼ਾਮਿਲ ਸਨ। ਅੰਮ੍ਰਿਤਸਰ ਦੇ ਥਾਣਾ ਘਰਿੰਡਾ ਅਤੇ ਥਾਣਾ ਲੋਪੋਕੇ ਵਿਖੇ ਵੱਖ-ਵੱਖ ਐਫ.ਆਈ.ਆਰ. (FIRs) ਦਰਜ ਕੀਤੀਆਂ ਗਈਆਂ ਹਨ। ਇਸ ਮਾਮਲੇ ਵਿਚ ਪਿਛਲੇ ਅਤੇ ਅੱਗੇ ਜੁੜੀਆਂ ਕੜੀਆਂ (backward and forward linkages) ਦਾ ਪਤਾ ਲਗਾਉਣ ਅਤੇ ਇਸ ਵਿਚ ਸ਼ਾਮਿਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ 'ਤੇ ਸਖ਼ਤ ਨਜ਼ਰ ਰੱਖਣ ਅਤੇ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਤੇ ਵੰਡ ਵਿਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।