ਅੰਮ੍ਰਿਤਸਰ , 19 ਅਕਤੂਬਰ (ਜਸਵੰਤ ਸਿੰਘ ਜੱਸ)- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਦਰਬਾਰ ਵਿਚ ਸ਼ਰਧਾਪੂਰਵਕ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮਾਣਯੋਗ ਰਾਜਪਾਲ ਨੇ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਪਵਿੱਤਰ ਸ਼ਸਤਰਾਂ ਅਤੇ ਗੁਰੂ ਮਹਾਰਾਜ ਦੇ ਜੋੜਾ ਸਾਹਿਬ ਦੇ ਵੀ ਦਰਸ਼ਨ ਕੀਤੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਰਾਜਪਾਲ ਸ੍ਰੀ ਕਟਾਰੀਆ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਗੁਰੂ ਸਾਹਿਬ ਦੇ ਚੋਲਾ ਸਾਹਿਬ ਦੇ ਦਰਸ਼ਨ ਕਰਵਾਏ। ਇਸ ਮੌਕੇ ਰਾਜਪਾਲ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਕ ਪੱਤਰਿਕਾ ‘ਗੋਬਿੰਦ ਪ੍ਰਕਾਸ਼ ਦਾ ਵਿਮੋਚਨ ਵੀ ਕੀਤਾ।
ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਮੀਡੀਆ ਇੰਚਾਰਜ ਸੁਦੀਪ ਸਿੰਘ ਨੇ ਰਾਜਪਾਲ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕਿਰਪਾਨ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤਖ਼ਤ ਸਾਹਿਬ ਦੇ ਸੁਪਰਡੈਂਟ ਦਲਜੀਤ ਸਿੰਘ, ਮੈਨੇਜਰ ਹਰਜੀਤ ਸਿੰਘ ਅਤੇ ਜੈਨ ਮੰਦਰ ਕਮੇਟੀ ਦੇ ਪ੍ਰਧਾਨ ਪਵਨ ਜੈਨ ਵੀ ਮੌਜੂਦ ਸਨ।