ਨਵੀਂ ਦਿੱਲੀ, 20 ਅਕਤੂਬਰ- ਕੌਕਰੇਚ ਜਨਤਾ ਪਾਰਟੀ (ਸੀਜੇਪੀ) ਨੇ ਆਪਣੇ ਦੋ ਸੀਨੀਅਰ ਆਗੂਆਂ ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਦੀ ਹਿਰਾਸਤ ਵਧਾਉਣ ਦੇ ਹੁਕਮਾਂ ਨੂੰ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ। ਪਾਰਟੀ ਨੇ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ (ਐੱਸਈਐੱਮ) ਵਲੋਂ ਜਾਰੀ ਹੁਕਮਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਦੋਸ਼ ਲਾਇਆ ਹੈ ਕਿ ਇਹ ਸੰਵਿਧਾਨ ਦੀ ਧਾਰਾ 21 ਤਹਿਤ ਮਿਲੇ ਨਿੱਜੀ ਆਜ਼ਾਦੀ ਦੇ ਬੁਨਿਆਦੀ ਹੱਕ ਦੀ ਉਲੰਘਣਾ ਹੈ।
ਪਾਰਟੀ ਵਲੋਂ ਦਾਇਰ ਰਿੱਟ ਪਟੀਸ਼ਨ ਵਿਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ), 2023 ਦੀਆਂ ਧਾਰਾਵਾਂ 126 ਅਤੇ 170 ਤਹਿਤ 19 ਅਕਤੂਬਰ ਨੂੰ ਜਾਰੀ ਕੀਤੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਸੀ.ਜੇ.ਪੀ. ਨੇ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹਾਈ ਕੋਰਟ ਤੋਂ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ ਹੈ। ਪਾਰਟੀ ਨੇ ਲੋੜ ਪੈਣ ’ਤੇ ਰਾਤ ਸਮੇਂ ਵੀ ਹੰਗਾਮੀ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ।
ਪਟੀਸ਼ਨ ਅਨੁਸਾਰ, ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਪਹਿਲੀ ਵਾਰ 10 ਅਕਤੂਬਰ ਨੂੰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-3 ਤੋਂ ਹਿਰਾਸਤ ਵਿਚ ਲਿਆ ਗਿਆ ਸੀ। ਅਗਲੇ ਦਿਨ ਦੋਵਾਂ ਵਿਰੁੱਧ ਅਹਿਤਿਆਤੀ ਕਾਰਵਾਈ ਸ਼ੁਰੂ ਕੀਤੀ ਗਈ ਅਤੇ 50-50 ਹਜ਼ਾਰ ਰੁਪਏ ਦੇ ਮੁਚੱਲਕੇ ਭਰਨ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਹਾਲਾਂਕਿ, 13 ਅਕਤੂਬਰ ਨੂੰ ਜੰਤਰ-ਮੰਤਰ ਵਿਖੇ ਤਿਰੰਗੇ ਝੰਡੇ ਨਾਲ ਜਾਣ ਤੋਂ ਬਾਅਦ ਦੋਵਾਂ ਨੂੰ ਮੁੜ ਹਿਰਾਸਤ ਵਿਚ ਲੈ ਲਿਆ ਗਿਆ।
ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ 14 ਅਕਤੂਬਰ ਦੀ ਤੜਕਸਾਰ ਦੋਵਾਂ ਆਗੂਆਂ ਦੀ ਗ੍ਰਿਫ਼ਤਾਰੀ ਬੀ.ਐੱਨ.ਐੱਸ.ਐੱਸ. ਦੀਆਂ ਧਾਰਾਵਾਂ 126 ਅਤੇ 170 ਤਹਿਤ ਦਰਜ ਕੀਤੀ ਗਈ ਅਤੇ ਧਾਰਾ 135(4) ਅਧੀਨ ਉਨ੍ਹਾਂ ਨੂੰ ਪੰਜ ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।