24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਯੂ.ਪੀ.ਐਸ.ਸੀ. ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਇਕ-ਇਕ ਲੱਖ ਰੁਪਏ ਨਾਲ ਸਨਮਾਨ

ਅੰਮ੍ਰਿਤਸਰ, 24 ਅਕਤੂਬਰ ਜਸਵੰਤ ਸਿੰਘ ਜੱਸ) - ਸਾਲ 2025 ਦੀ ਯੂ.ਪੀ.ਐਸ.ਸੀ. ਪ੍ਰੀਖਿਆ ਵਿਚ ਸਫ਼ਲਤਾ ਹਾਸਲ ਕਰਕੇ...

ਅਜੀਤ ਡੈਸਕ 24-10-2026

ਅੰਮ੍ਰਿਤਸਰ, 24 ਅਕਤੂਬਰ ਜਸਵੰਤ ਸਿੰਘ ਜੱਸ) - ਸਾਲ 2025 ਦੀ ਯੂ.ਪੀ.ਐਸ.ਸੀ. ਪ੍ਰੀਖਿਆ ਵਿਚ ਸਫ਼ਲਤਾ ਹਾਸਲ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇਕ-ਇਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਹੋਣਹਾਰ ਸਿੱਖ ਨੌਜਵਾਨਾਂ ਦੀ ਹੌਸਲਾ-ਅਫ਼ਜ਼ਾਈ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਕੌਮ ਅਤੇ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਨਾ ਹੈ। 
ਸਨਮਾਨਿਤ ਕਰਨ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਫ਼ਲ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪੇ ਵੀ ਵਧਾਈ ਦੇ ਹੱਕਦਾਰ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਦਾ ਇਹ ਉਪਰਾਲਾ ਜਿਥੇ ਇਨ੍ਹਾਂ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪ੍ਰਾਪਤੀ ਦਾ ਸਨਮਾਨ ਹੈ, ਉਥੇ ਹੀ ਸਿੱਖ ਨੌਜੁਆਨ ਪੀੜ੍ਹੀ ਨੂੰ ਉੱਚ ਵਿਦਿਅਕ ਅਤੇ ਪ੍ਰਸ਼ਾਸਕੀ ਖੇਤਰਾਂ ਵਿਚ ਅੱਗੇ ਵਧਣ ਲਈ ਪ੍ਰੇਰਣਾ ਹੈ। 
ਇਸੇ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਸੰਸਥਾ ਵਲੋਂ ਮਿਲਿਆ ਇਹ ਸਨਮਾਨ ਉਨ੍ਹਾਂ ਲਈ ਅਨਮੋਲ ਹੈ, ਜੋ ਬੱਚਿਆਂ ਨੂੰ ਗੁਰੂ ਆਸ਼ੇ ਅਨੁਸਾਰ ਸੇਵਾਵਾਂ ਕਰਨ ਲਈ ਹਮੇਸ਼ਾ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦਾ ਇਹ ਉਪਰਾਲਾ ਹੋਰਨਾਂ ਵਿਦਿਆਰਥੀਆਂ ਨੂੰ ਅੱਗੇ ਵਧਣ ਦੀ ਪ੍ਰੇਰਣਾ ਦੇਵੇਗਾ। 
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾਂਦੇ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਆਪਣੀ ਸਥਾਪਨਾ ਦੀ ਭਾਵਨਾ ਅਨੁਸਾਰ ਜਿਥੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਦੇਖਦੀ ਹੈ, ਉਥੇ ਹੀ ਵਿਦਿਆ, ਸਿਹਤ ਸਹੂਲਤਾਂ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਵੀ ਮੋਹਰੀ ਰੋਲ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆ ਲਈ ਤਿਆਰ ਕਰਨ ਵਾਸਤੇ ਵੀ ਸ਼੍ਰੋਮਣੀ ਕਮੇਟੀ ਵੱਡੇ ਉਪਰਾਲੇ ਕਰ ਰਹੀ ਹੈ।

ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੇ ਗਵਾਈ ਚੌਥੀ ਵਿਕਟ, ਕਪਤਾਨ ਸ਼੍ਰੇਅਸ ਅਈਅਰ 7 (11 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੇ ਗਵਾਈ ਤੀਜੀ ਵਿਕਟ, ਅਭਿਸ਼ੇਕ ਸ਼ਰਮਾ 27 (21 ਗੇਂਦਾਂ) ਦੌੜਾਂ ਬਣਾ ਕੇ ਆਊਟ