ਨਵੀਂ ਦਿੱਲੀ, 28 ਅਕਤੂਬਰ (ਪੀ.ਟੀ.ਆਈ.)-ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਦੱਸਿਆ ਕਿ ਪੱਛਮੀ ਏਸ਼ੀਆ ’ਚ ਚੱਲ ਰਹੇ ਟਕਰਾਅ ਦੌਰਾਨ 14 ਸਮੁੰਦਰੀ ਕਰਮਚਾਰੀਆਂ (seafarers) ਸਮੇਤ ਕੁੱਲ 22 ਭਾਰਤੀਆਂ ਦੀ ਮੌਤ ਹੋ ਗਈ। ਮੰਤਰਾਲੇ ਨੇ ਕਿਹਾ ਕਿ ਭਾਰਤ ਇਸ ਖੇਤਰ ਦੀ ਸਮੁੱਚੀ ਸਥਿਤੀ ਨੂੰ ਲੈ ਕੇ ਡੂੰਘੀ ਚਿੰਤਾ ’ਚ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਸਾਊਦੀ ਅਰਬ ’ਚ ਤਿੰਨ ਭਾਰਤੀਆਂ ਦੀ ਮੌਤ ਹੋਈ। ਉਨ੍ਹਾਂ ਆਪਣੀ ਨਿਯਮਤ ਮੀਡੀਆ ਬ੍ਰੀਫਿੰਗ ਦੌਰਾਨ ਕਿਹਾ ਕਿ ਅਸੀਂ ਪੱਛਮੀ ਏਸ਼ੀਆ ’ਚ ਚੱਲ ਰਹੇ ਟਕਰਾਅ ਨੂੰ ਲੈ ਕੇ ਬਹੁਤ ਚਿੰਤਤ ਹਾਂ।
ਇਸ ਵਿਚ ਸਾਡੇ 22 ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ, ਜਿਨ੍ਹਾਂ ’ਚ 14 ਸਮੁੰਦਰੀ ਕਰਮਚਾਰੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਅਸੀਂ ਖਾੜੀ ਖੇਤਰ ’ਚ ਰਹਿ ਰਹੇ ਆਪਣੇ ਭਾਰਤੀ ਭਾਈਚਾਰੇ ਨਾਲ ਉਨ੍ਹਾਂ ਦੀ ਸੁਰੱਖਿਆ ਅਤੇ ਭਲਾਈ ਲਈ ਲਗਾਤਾਰ ਸੰਪਰਕ ’ਚ ਹਾਂ। ਸਾਊਦੀ ਅਰਬ ’ਚ ਤਿੰਨ ਭਾਰਤੀਆਂ ਦੀ ਮੌਤ ਹੋਈ ਹੈ। ਭਾਰਤ ਨੇ ਸਾਊਦੀ ਅਰਬ ਦੇ ਨਾਗਰਿਕ ਬੁਨਿਆਦੀ ਢਾਂਚੇ ਅਤੇ ਆਰਥਿਕ ਸੰਪਤੀਆਂ ’ਤੇ ਹੂਤੀ ਹਮਲਿਆਂ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਭਾਰਤ ਨੇ ਚਿਤਾਵਨੀ ਦਿੱਤੀ ਹੈ ਕਿ ਅਜਿਹੇ ਹਮਲੇ ਖੇਤਰੀ ਸਥਿਰਤਾ ਨੂੰ ਕਮਜ਼ੋਰ ਕਰਦੇ ਹਨ ਅਤੇ ‘ਬਾਬ-ਅਲ-ਮੰਦੇਬ’ ਜਲਡਮਰੂ ’ਚ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਲਈ ਖ਼ਤਰਾ ਪੈਦਾ ਕਰਦੇ ਹਨ।