ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ)- ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਹੋਏ ਸਿੱਖ ਕਤਲ-ਏ-ਆਮ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਉਪਰੰਤ ਕਤਲ-ਏ-ਆਮ ਦੌਰਾਨ ਸ਼ਹੀਦ ਸਿੱਖਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰ ਪਾਲ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਜੂਨ 1984 ਸਿੱਖ ਕਤਲ-ਏ-ਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ।
ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨੂੰ ਦੇਸ਼ ਅੰਦਰ ਹੀ ਹਮੇਸ਼ਾ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਨਵੰਬਰ 1984 ’ਚ ਕਈ ਦਿਨ ਸਿੱਖਾਂ ’ਤੇ ਕਹਿਰ ਢਾਹਿਆ ਗਿਆ, ਜਿਸ ਨੇ ਦੁਨੀਆ ਦੇ ਹਰ ਸੰਵੇਦਨਸ਼ੀਲ ਮਨੁੱਖ ਨੂੰ ਧੁਰ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ। ਇਸ ਮੌਕੇ ਸ਼ਹੀਦ ਹੋਏ ਸਿੱਖਾ ਦੇ ਪਰਿਵਾਰਾਂ ਸਨਮਾਨਿਤ ਕੀਤਾ ਹੋਇਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਂਬਰ ਮੇਜਰ ਸਿੰਘ ਅਰਜਨ ਮਾਂਗਾ, ਹੋਰ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕ ਹਾਜ਼ਰ ਸਨ।