ਫਤਿਹਗੜ੍ਹ ਸਾਹਿਬ, 1 ਨਵੰਬਰ, (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਰਾਣਾ ਹੈਰੀਟੇਜ, ਸਰਹਿੰਦ ਵਿਖੇ ਇਲਾਕੇ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸ਼ੇਸ਼ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ, ਵਪਾਰਕ ਸਰਗਰਮੀਆਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਤੋਂ ਆਗਾਮੀ ਸਮੇਂ ਵਿਚ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲਾਗੂ ਕੀਤੀਆਂ ਜਾਣ ਵਾਲੀਆਂ ਯੋਜਨਾਵਾਂ ਅਤੇ ਸਕੀਮਾਂ ਸੰਬੰਧੀ ਸੁਝਾਅ ਵੀ ਲਏ। ਉਨ੍ਹਾਂ ਨੇ ਵਪਾਰਕ ਵਰਗ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਸਮਝਦਿਆਂ ਸੂਬੇ ਵਿਚ ਉਦਯੋਗਾਂ ਅਤੇ ਵਪਾਰ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ ਸਾਂਝੇ ਕੀਤੇ।
ਇਸ ਮਿਲਣੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਪਾਰਕ ਅਤੇ ਉਦਯੋਗਿਕ ਵਰਗ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਅਤੇ ਉਨ੍ਹਾਂ ਦੇ ਸੁਝਾਵਾਂ ਦੇ ਆਧਾਰ ’ਤੇ ਪੰਜਾਬ ਦੇ ਭਵਿੱਖ ਲਈ ਯੋਜਨਾਬੰਦੀ ਕਰਨ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ।