ਕੀਵ, 7 ਨਵੰਬਰ (ਏਜੰਸੀ)-ਯੂਕਰੇਨ ਦੀ ਰਾਜਧਾਨੀ ਕੀਵ ’ਚ ਸਨਿਚਰਵਾਰ ਤੜਕੇ ਹੋਏ ਮਿਜ਼ਾਈਲ ਹਮਲਿਆਂ ’ਚ ਘੱਟੋ-ਘੱਟ 9 ਲੋਕ ਜ਼ਖ਼ਮੀ ਹੋ ਗਏ। ਇਹ ਹਮਲੇ ਅਜਿਹੇ ਸਮੇਂ ਹੋਏ ਹਨ, ਜਦੋਂ ਯੂਕਰੇਨ ਅਗਲੇ ਹਫ਼ਤੇ ਰੂਸ ਤੇ ਅਮਰੀਕਾ ਨਾਲ ਨਵੇਂ ਸਿਰੇ ਤੋਂ ਗੱਲਬਾਤ ਦੀ ਤਿਆਰੀ ਕਰ ਰਿਹਾ ਹੈ।
ਤਿੰਨਾਂ ਦੇਸ਼ਾਂ ਦੇ ਨੁਮਾਇੰਦੇ ਮੰਗਲਵਾਰ ਨੂੰ ਸੰਯੁਕਤ ਅਰਬ ਅਮੀਰਾਤ ਦੀ ਰਾਜਧਾਨੀ ਅਬੂ ਧਾਬੀ ਵਿਚ ਜੰਗ ਖ਼ਤਮ ਕਰਨ ਦੇ ਮਕਸਦ ਨਾਲ ਗੱਲਬਾਤ ਕਰਨਗੇ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੀ ਵਿਚੋਲਗੀ ਹੇਠ ਇਹ ਗੱਲਬਾਤ ਦਾ ਚੌਥਾ ਦੌਰ ਹੋਵੇਗਾ।
ਅਧਿਕਾਰੀਆਂ ਨੇ ਦੱਸਿਆ ਕਿ ਰੂਸ ਦੀਆਂ ਮਿਜ਼ਾਈਲਾਂ ਨੇ ਰਾਤ ਭਰ ਯੂਕਰੇਨ ਦੀ ਰਾਜਧਾਨੀ ਕੀਵ ’ਚ ਕਈ ਥਾਵਾਂ ਨੂੰ ਨਿਸ਼ਾਨਾ ਬਣਾਇਆ। ਇਸ ਕਾਰਨ ਘਰਾਂ ਤੇ ਵਪਾਰਕ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਇਸ ਦੇ ਨਾਲ ਹੀ ਬਿਜਲੀ ਅਤੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ।