ਨਵੀਂ ਦਿੱਲੀ, 10 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫ਼ੋਨ 'ਤੇ ਗੱਲ ਕੀਤੀ। ਫ਼ੋਨ ਦੌਰਾਨ ਮੋਦੀ ਨੇ ਰੂਸ-ਯੂਕਰੇਨ ਟਕਰਾਅ ਦਾ ਸ਼ਾਂਤੀਪੂਰਨ ਹੱਲ ਲੱਭਣ ਦੀਆਂ ਕੋਸ਼ਿਸ਼ਾਂ ਵਿਚ ਭਾਰਤ ਦੇ ਪੂਰੇ ਸਮਰਥਨ ਦਾ ਵਾਅਦਾ ਕੀਤਾ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਦੇ ਅਨੁਸਾਰ ਮੋਦੀ ਨੇ ਕਿਹਾ ਕਿ ਇਸ ਟਕਰਾਅ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਾਰਤ ਸ਼ਾਂਤੀ ਯਤਨਾਂ ਵਿਚ ਯੋਗਦਾਨ ਪਾਉਣ ਲਈ ਤਿਆਰ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਇਸ ਟਕਰਾਅ ਨੂੰ ਮਾਨਵਤਾਵਾਦੀ ਦ੍ਰਿਸ਼ਟੀਕੋਣ ਤੋਂ ਦੇਖਦਾ ਹੈ। ਮੋਦੀ ਪਹਿਲਾਂ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਇਹ ਯੁੱਧ ਦਾ ਸਮਾਂ ਨਹੀਂ ਹੈ ਅਤੇ ਕਿਸੇ ਵੀ ਵਿਵਾਦ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।