ਚੋਗਾਵਾਂ/ਅੰਮ੍ਰਿਤਸਰ, 4 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ 16 ਨਵੰਬਰ ਨੂੰ ਸੰਗਰੂਰ ਵਿਖੇ ਮਾਣ ਭੱਤਾ ਦੁੱਗਣਾ ਕਰਨ ਦੀ ਮੰਗ ਨੂੰ ਲੈ ਕੇ ਇਕੱਠੀਆਂ ਹੋਣਗੀਆਂ ਆਂਗਣਵਾੜੀ ਵਰਕਰਾਂ ਨੇ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰੈੱਚ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਇਸ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਮੁੱਖ ਮੰਤਰੀ ਨਾਲ ਮੀਟਿੰਗ ਦੇ ਚਾਰ ਵਾਰ ਸਮਾਂ ਤੈਅ ਕਰਕੇ ਰੱਦ ਕੀਤਾ ਜਾ ਚੁੱਕਾ ਹੈ। ਇਨ੍ਹਾਂ 'ਚ 26 ਅਕਤੂਬਰ ਅਤੇ 7 ਨਵੰਬਰ ਦੀਆਂ ਮੀਟਿੰਗਾਂ ਵੀ ਸ਼ਾਮਲ ਹਨ। ਸਰਕਾਰ ਦੇ ਇਸ ਰਵੱਈਏ ਕਾਰਨ ਆਂਗਣਵਾੜੀ ਮੁਲਾਜ਼ਮਾਂ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ।
ਯੂਨੀਅਨ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਾਣ ਭੱਤਾ ਦੁੱਗਣਾ ਕਰਨ ਸਬੰਧੀ ਨੋਟੀਫਿਕੇਸ਼ਨ ਜਲਦ ਜਾਰੀ ਨਾ ਕੀਤਾ ਗਿਆ ਤਾਂ 16 ਨਵੰਬਰ ਨੂੰ ਸੂਬਾ ਪੱਧਰੀ ਰੈਲੀ ਕਰਨ ਤੋਂ ਬਾਅਦ ਸੰਗਰੂਰ ਵਿਖੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੰਘਰਸ਼ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।