16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਲੇਬਸ ਦਾ ਹਿੱਸਾ ਬਣਾਵਾਂਗੇ- ਮੁੱਖ ਮੰਤਰੀ ਮਾਨ

ਜਗਰਾਉਂ (ਲੁਧਿਆਣਾ), 16 ਨਵੰਬਰ (ਕੁਲਦੀਪ ਸਿੰਘ ਲੋਹਟ)- ਪਿੰਡ ਸਰਾਭਾ ਵਿਖੇ ਗ਼ਦਰ ਲਹਿਰ ਦੇ ਮਹਾਨ ਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ...

ਅਜੀਤ ਡੈਸਕ 16-11-2026

ਜਗਰਾਉਂ (ਲੁਧਿਆਣਾ), 16 ਨਵੰਬਰ (ਕੁਲਦੀਪ ਸਿੰਘ ਲੋਹਟ)- ਪਿੰਡ ਸਰਾਭਾ ਵਿਖੇ ਗ਼ਦਰ ਲਹਿਰ ਦੇ ਮਹਾਨ ਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਮਹਿਜ਼ 19 ਸਾਲ ਦੀ ਉਮਰ ਵਿਚ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦਾ ਰੱਸਾ ਚੁੰਮਣ ਵਾਲੇ ਇਸ ਨੌਜਵਾਨ ਇਨਕਲਾਬੀ ਦਾ ਨਾਂ ਇਤਿਹਾਸ ਦੇ ਪੰਨਿਆਂ ਵਿਚ ਸੁਨਹਿਰੀ ਅੱਖਰਾਂ ਨਾਲ ਦਰਜ ਹੈ। ਮੁੱਖ ਮੰਤਰੀ ਨੇ ਸ਼ਹੀਦ ਸਰਾਭਾ ਦੀ ਸਮਾਰਕ ਦੇ ਨਾਲ-ਨਾਲ ਸ਼ਹੀਦ ਸਰਾਭਾ ਦੇ ਚੌਕ 'ਚ ਲੱਗੇ ਬੁੱਤ 'ਤੇ ਵੀ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਸਰਾਭਾ ਦੀ ਸ਼ਹਾਦਤ ਨੂੰ 111 ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦਾ ਜਜ਼ਬਾ ਅਤੇ ਦੇਸ਼ ਭਗਤੀ ਅੱਜ ਵੀ ਨੌਜਵਾਨਾਂ ਲਈ ਚਾਨਣ-ਮੁਨਾਰਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਰਫ਼ ਯਾਦਗਾਰੀ ਸਮਾਗਮਾਂ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ ਦੀ ਜਾਣਕਾਰੀ ਹਰ ਬੱਚੇ ਤੱਕ ਪਹੁੰਚਣੀ ਚਾਹੀਦੀ ਹੈ। ਇਸੇ ਮਕਸਦ ਨਾਲ ਪੰਜਾਬ ਦੇ ਮਹਾਨ ਸ਼ਹੀਦਾਂ ਅਤੇ ਇਤਿਹਾਸਕ ਵਿਰਾਸਤ ਨਾਲ ਜੁੜੇ ਤੱਥਾਂ ਨੂੰ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤੀ ਪਛਾਣ ਨੂੰ ਸੰਭਾਲਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ 26 ਜਨਵਰੀ ਨੂੰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੀ ਝਾਕੀ ਵਿੱਚ ਬੈਲ ਗੱਡੀਆਂ ਦੀ ਝਲਕ ਵੀ ਪੇਸ਼ ਕੀਤੀ ਜਾਵੇਗੀ, ਜੋ ਪੰਜਾਬ ਦੇ ਪੁਰਾਤਨ ਪੇਂਡੂ ਜੀਵਨ ਅਤੇ ਸੱਭਿਆਚਾਰ ਦੀ ਨੁਮਾਇੰਦਗੀ ਕਰੇਗੀ।

ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਸਰਾਭਾ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਅਤੇ ਪਿੰਡ ਦੇ ਸਟੇਡੀਅਮ ਦੇ ਵਿਕਾਸ ਲਈ 51 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 24 ਨਵੰਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਵੀ ਮੰਗ ਕੀਤੀ। ਸ: ਮਾਨ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਗੁਰਪੁਰਬ ਮੌਕੇ ਇਹ ਇਤਿਹਾਸਕ ਫੈਸਲਾ ਲੈ ਲੈਣਾ ਚਾਹੀਦਾ ਹੈ, ਤਾਂ ਜੋ ਸੰਗਤ ਨੂੰ ਗੁਰਧਾਮ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਸਕੇ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਡਾ.ਕੇ.ਐਨ.ਐਸ.ਕੰਗ ਵੀ ਮੌਜੂਦ ਸਨ।

ਪਿਛਲੀ ਖ਼ਬਰ ਅਦਾਲਤ ਦੀਆਂ ਪੌੜੀਆਂ ਚੜਦਿਆਂ ਐਡਵੋਕੇਟ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ- ਹਰਸਿਮਰਤ ਕੌਰ ਬਾਦਲ