19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕੁੱਝ ਦਿਨ ਪਹਿਲਾ ਦੁਬਈ ਤੋਂ ਪਰਤੇ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ

ਮਾਛੀਵਾੜਾ ਸਾਹਿਬ (ਲੁਧਿਆਣਾ), 19 ਨਵੰਬਰ (ਮਨੋਜ ਕੁਮਾਰ)- ਸਥਾਨਕ ਸ਼ਹਿਰ ਦੀ ਮਾਂਗਟ ਕਾਲੋਨੀ ਦੇ ਰਹਿਣ ਵਾਲੇ ਹਰੀ ਸਿੰਘ ਦੇ...

ਅਜੀਤ ਡੈਸਕ 19-11-2026

ਮਾਛੀਵਾੜਾ ਸਾਹਿਬ (ਲੁਧਿਆਣਾ), 19 ਨਵੰਬਰ (ਮਨੋਜ ਕੁਮਾਰ)- ਸਥਾਨਕ ਸ਼ਹਿਰ ਦੀ ਮਾਂਗਟ ਕਾਲੋਨੀ ਦੇ ਰਹਿਣ ਵਾਲੇ ਹਰੀ ਸਿੰਘ ਦੇ ਇਕਲੌਤੇ ਪੁੱਤਰ ਗਗਨਦੀਪ ਸਿੰਘ (28) ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ, ਗਗਨਦੀਪ ਸਿੰਘ ਅੱਜ ਸਵੇਰੇ ਘਰੋਂ ਨਿਕਲਿਆ ਸੀ ਪਰ ਕੁਝ ਸਮੇਂ ਬਾਅਦ ਉਹ ਪੁਰਾਣੀ ਸਬਜ਼ੀ ਮੰਡੀ ਨੇੜੇ ਬੇਹੋਸ਼ੀ ਦੀ ਹਾਲਤ ਵਿਚ ਪਿਆ ਮਿਲਿਆ। ਇਸ ਸਬੰਧੀ ਪਰਿਵਾਰ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗਗਨਦੀਪ ਸਿੰਘ ਦੁਬਈ ਵਿਚ ਰਹਿੰਦਾ ਸੀ ਅਤੇ ਕਰੀਬ ਇਕ ਮਹੀਨਾ ਪਹਿਲਾਂ ਹੀ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਆਪਣੇ ਘਰ ਪਰਤਿਆ ਸੀ। ਉਹ ਸਵੇਰੇ ਕਰੀਬ 6.30 ਵਜੇ ਘਰੋਂ ਗਿਆ ਸੀ। ਹਸਪਤਾਲ ਵਿਚ ਉਸ ਦੀ ਬਾਂਹ ’ਤੇ ਟੀਕੇ ਦੇ ਨਿਸ਼ਾਨ ਦੇਖ ਕੇ ਪਰਿਵਾਰ ਨੇ ਖਦਸ਼ਾ ਜਤਾਇਆ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪਰਿਵਾਰ ਨੇ ਦੋਸ਼ ਲਾਇਆ ਕਿ ਉਸ ਨੂੰ ਨਸ਼ੇ ਦਾ ਟੀਕਾ ਉਸ ਦੇ ਮਾਮੇ ਦੇ ਪੁੱਤਰ ਵਲੋਂ ਲਗਾਇਆ ਗਿਆ ਸੀ।

ਸਿਵਲ ਹਸਪਤਾਲ ਵਿਚ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਪੰਜਾਬ ਦੀ ਜਵਾਨੀ ਨੂੰ ਨਿਗਲ ਰਹੀ ਹੈ ਅਤੇ ਇਸ ’ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਲੋੜ ਹੈ। ਦੁੱਖ ਦੀ ਗੱਲ ਇਹ ਹੈ ਕਿ ਗਗਨਦੀਪ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਮੁਖੀ ਚਰਨਜੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪਰਿਵਾਰ ਵਲੋਂ ਲਗਾਏ ਗਏ ਦੋਸ਼ਾਂ ਦੇ ਆਧਾਰ ’ਤੇ ਮ੍ਰਿਤਕ ਦੇ ਮਾਮੇ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਵਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਨਸ਼ਾ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਮਾਮਲੇ ਵਿਚ ਹੋਰ ਕੌਣ ਸ਼ਾਮਲ ਹਨ।

ਅਗਲੀ ਖ਼ਬਰ ਯੂ.ਪੀ. : ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਐਸ.ਪੀ. ਆਗੂ ਆਜ਼ਮ ਖ਼ਾਨ ਵਲੋਂ ਪਹਿਲੀ ਪ੍ਰੈੱਸ ਕਾਨਫਰੰਸ