ਅੰਮ੍ਰਿਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਉੱਤਰੀ ਹਲਕੇ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਵਿਸ਼ੇਸ਼ ਤੌਰ ’ਤੇ ਦਿੱਲੀ ਵਿਖੇ ਲੋਕ ਸਭਾ ਸਪੀਕਰ ਓਮ ਬਿਰਲਾ ਦਾ ਆਸ਼ੀਰਵਾਦ ਲੈਣ ਪਹੁੰਚੇ। ਇਸ ਦੌਰਾਨ ਜਿੱਥੇ ਓਮ ਬਿਰਲਾ ਨੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ, ਉੱਥੇ ਹੀ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਿਆਸੀ ਸਮੀਕਰਨਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਹੋਈ।
ਮੁਲਾਕਾਤ ਦੌਰਾਨ ਅਕਸ਼ੈ ਸ਼ਰਮਾ ਨੇ ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ਅਤੇ ਸੂਬੇ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਲੋਕ ਸਭਾ ਸਪੀਕਰ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਅੰਮ੍ਰਿਤਸਰ ਉੱਤਰੀ ਹਲਕੇ ਨਾਲ ਜੁੜੇ ਕਈ ਅਹਿਮ ਮੁੱਦਿਆਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਹੱਲ ਸਬੰਧੀ ਚਰਚਾ ਕੀਤੀ। ਉੱਥੇ ਹੀ ਓਮ ਬਿਰਲਾ ਨੇ ਉਨ੍ਹਾਂ ਨੂੰ ਜਨਤਕ ਜੀਵਨ ਵਿਚ ਸਰਗਰਮ ਰਹਿੰਦਿਆਂ ਲੋਕ ਸੇਵਾ ਨੂੰ ਪਹਿਲ ਦੇਣ ਅਤੇ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ।
ਅਕਸ਼ੈ ਸ਼ਰਮਾ ਨੇ ਇਸ ਮੁਲਾਕਾਤ ਨੂੰ ਆਪਣੇ ਲਈ ਪ੍ਰੇਰਨਾਦਾਇਕ ਦੱਸਦਿਆਂ ਕਿਹਾ ਕਿ ਸੀਨੀਅਰ ਆਗੂਆਂ ਦਾ ਮਾਰਗਦਰਸ਼ਨ ਅਤੇ ਆਸ਼ੀਰਵਾਦ ਉਨ੍ਹਾਂ ਨੂੰ ਸਮਾਜ ਅਤੇ ਆਪਣੇ ਹਲਕੇ ਦੀ ਸੇਵਾ ਕਰਨ ਲਈ ਹੋਰ ਵੀ ਊਰਜਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਯਤਨ ਰਹੇਗਾ ਕਿ ਅੰਮ੍ਰਿਤਸਰ ਉੱਤਰੀ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਲੋਕ ਹਿੱਤ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇ।
ਇਸ ਮੁਲਾਕਾਤ ਨੂੰ ਸਿਆਸੀ ਅਤੇ ਸੰਗਠਨਾਤਮਕ ਪੱਖੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਕੁਝ ਹੀ ਸਮੇਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਅਕਸ਼ੈ ਸ਼ਰਮਾ ਇਸ ਸਮੇਂ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਮਜ਼ਬੂਤ ਦਾਅਵੇਦਾਰ ਹਨ।