ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਸੂਬਾ ਸਿੰਧ ਤੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਸਿੰਧੀ ਸੰਗਤ ਅਤੇ ਪਾਕਿਸਤਾਨੀ ਹਿੰਦੂ ਸ਼ਰਧਾਲੂਆਂ ਨੂੰ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਉਨ੍ਹਾਂ ਨੂੰ ਗੁਰਦੁਆਰਾ ਜਨਮ ਸਥਾਨ ਦੇ ਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਜਾਣਕਾਰੀ ਅਨੁਸਾਰ ਦੂਰ-ਦੁਰਾਡੇ ਤੋਂ ਲੰਮਾ ਸਫ਼ਰ ਤੈਅ ਕਰਕੇ ਸ੍ਰੀ ਨਨਕਾਣਾ ਸਾਹਿਬ ਪਹੁੰਚੇ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਉਡੀਕ ਕਰ ਰਹੇ ਸਨ, ਪਰ ਉਨ੍ਹਾਂ ਲਈ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਨਾ ਖੋਲ੍ਹੇ ਜਾਣ ਕਾਰਨ ਸੰਗਤ ਵਿਚ ਰੋਸ ਪੈਦਾ ਹੋ ਗਿਆ।
ਇਸ ਦੇ ਵਿਰੋਧ ਵਿਚ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਦੇ ਬਾਹਰ ਇਕੱਠੇ ਹੋ ਕੇ ਲਹਿੰਦੇ ਪੰਜਾਬ ਦੀ ਸਰਕਾਰ ਅਤੇ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਕਰ ਰਹੇ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀਆਂ ਹਨ। ਗੁਰੂ ਸਾਹਿਬ ਦਾ ਦਰ ਹਰ ਧਰਮ ਅਤੇ ਵਰਗ ਦੇ ਲੋਕਾਂ ਲਈ ਸਾਂਝਾ ਹੈ। ਅਜਿਹੇ ਵਿਚ ਸ਼ਰਧਾਲੂਆਂ ਨੂੰ ਦਰਸ਼ਨਾਂ ਤੋਂ ਵਾਂਝਾ ਰੱਖਣਾ ਮੰਦਭਾਗਾ ਹੈ।
ਉਨ੍ਹਾਂ ਮੰਗ ਕੀਤੀ ਕਿ ਸਿੰਧ ਤੋਂ ਆਈ ਸੰਗਤ ਨੂੰ ਬਿਨਾਂ ਕਿਸੇ ਧਾਰਮਿਕ ਜਾਂ ਹੋਰ ਭੇਦਭਾਵ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਇਸ ਮਾਮਲੇ ਵਿਚ ਸਬੰਧਤ ਪ੍ਰਸ਼ਾਸਨ ਤੁਰੰਤ ਦਖ਼ਲ ਦੇਵੇ।