ਅਜਨਾਲਾ (ਅੰਮ੍ਰਿਤਸਰ), 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਉਪਰੰਤ ਮੁੜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਿਆ ਹੈ। ਉਸ ਨੂੰ ਮਾਨਯੋਗ ਅਦਾਲਤ ਵਲੋਂ 21 ਨਵੰਬਰ ਨੂੰ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦਿੱਤੀ ਗਈ ਸੀ। ਡੀ.ਐੱਸ.ਪੀ. ਇੰਦਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਉਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵਾਪਸ ਲਿਜਾਇਆ ਗਿਆ।
ਜ਼ਿਕਰਯੋਗ ਹੈ ਕਿ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀੀ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵਲੋਂ ਅਦਾਲਤ ਵਿਚ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਪਹਿਲਾਂ ਅਦਾਲਤ ਵਲੋਂ 14 ਨਵੰਬਰ ਨੂੰ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਮਨਜ਼ੂਰ ਕੀਤੀ ਗਈ ਸੀ, ਪਰ ਅਸਾਮ ਤੋਂ ਪੰਜਾਬ ਲਿਆਉਣ ਲਈ ਹਵਾਈ ਜਹਾਜ਼ ਅਤੇ ਹੋਰ ਪ੍ਰਬੰਧ ਸਮੇਂ ਸਿਰ ਨਾ ਹੋ ਸਕਣ ਕਾਰਨ ਉਹ ਉਸ ਦਿਨ ਪੰਜਾਬ ਨਹੀਂ ਪਹੁੰਚ ਸਕੇ। ਇਸ ਉਪਰੰਤ ਮੁੜ ਅਰਜ਼ੀ ਦਾਇਰ ਕੀਤੀ ਗਈ, ਜਿਸ 'ਤੇ ਅਦਾਲਤ ਨੇ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਹਾਜ਼ਰ ਰਹਿਣ ਦੀ ਇਜਾਜ਼ਤ ਦਿੱਤੀ। 20 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਸਖ਼ਤ ਸੁਰੱਖਿਆ ਹੇਠ ਦਿੱਲੀ ਲਿਆਂਦਾ ਗਿਆ, ਜਿੱਥੇ ਰਾਤ ਨੂੰ ਸੁਰੱਖਿਅਤ ਥਾਂ 'ਤੇ ਰੱਖਿਆ ਗਿਆ। ਅਗਲੇ ਦਿਨ ਭਾਵ ਕੱਲ੍ਹ ਉਹ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚੇ। ਹਵਾਈ ਅੱਡੇ ਤੋਂ ਉਨ੍ਹਾਂ ਨੂੰ ਬੁਲੇਟਪਰੂਫ ਗੱਡੀ ਅਤੇ ਪੁਲਿਸ ਦੇ ਕਾਫ਼ਲੇ ਰਾਹੀਂ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਗਿਆ।
ਪਿੰਡ ਪਹੁੰਚਣ ਉਪਰੰਤ ਅੰਮ੍ਰਿਤਪਾਲ ਸਿੰਘ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਦਾਦੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਉਹ ਆਪਣੀ ਦਾਦੀ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਸਮਰਥਕ ਵੀ ਮੌਜੂਦ ਸਨ। ਅੰਤਿਮ ਯਾਤਰਾ ਦੌਰਾਨ ਸਮਰਥਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਅੰਮ੍ਰਿਤਪਾਲ ਸਿੰਘ ਦਾ ਸਵਾਗਤ ਕੀਤਾ ਗਿਆ। ਅਦਾਲਤ ਵਲੋਂ ਲਗਾਈਆਂ ਸ਼ਰਤਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਜਨਤਕ ਇਕੱਠ ਜਾਂ ਮੀਡੀਆ ਨੂੰ ਸੰਬੋਧਨ ਕਰਨ ਦੀ ਇਜਾਜ਼ਤ ਨਹੀਂ ਸੀ। ਇਸ ਲਈ ਉਸ ਨੇ ਸਮਰਥਕਾਂ ਦਾ ਹੱਥ ਜੋੜ ਕੇ ਸਵਾਗਤ ਕੀਤਾ ਪਰ ਕੋਈ ਜਨਤਕ ਸੰਬੋਧਨ ਨਹੀਂ ਕੀਤਾ।
ਅੰਤਿਮ ਸੰਸਕਾਰ ਦੀਆਂ ਰਸਮਾਂ ਪੂਰੀਆਂ ਹੋਣ ਉਪਰੰਤ ਪੁਲਿਸ ਵਲੋਂ ਉਸ ਨੂੰ ਮੁੜ ਆਪਣੀ ਹਿਰਾਸਤ ਵਿਚ ਲੈ ਕੇ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਵੱਲ ਰਵਾਨਾ ਕੀਤਾ ਗਿਆ। ਇਸ ਤਰ੍ਹਾਂ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਖ਼ਤਮ ਹੋਣ ਉਪਰੰਤ ਅੰਮ੍ਰਿਤਪਾਲ ਸਿੰਘ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚਾ ਦਿੱਤਾ ਗਿਆ। ਅਦਾਲਤ ਦੇ ਹੁਕਮਾਂ ਅਨੁਸਾਰ ਅੱਜ 22 ਨਵੰਬਰ ਨੂੰ ਦਾਦੀ ਦੀਆਂ ਅਸਥੀਆਂ ਇਕੱਠੀਆਂ ਕਰਨ ਦੀ ਰਸਮ ਅਤੇ 23 ਨਵੰਬਰ ਨੂੰ ਹੋਣ ਵਾਲੇ ਭੋਗ ਸਮਾਗਮ ਵਿਚ ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।
ਤਾਜ਼ਾ ਖ਼ਬਰਾਂ
Free
ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਅੰਮ੍ਰਿਤਪਾਲ ਸਿੰਘ
ਅਜਨਾਲਾ (ਅੰਮ੍ਰਿਤਸਰ), 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਮੁਖੀ...
ਅਜੀਤ ਡੈਸਕ
22-11-2026