24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ 'ਚ ਅਜਨਾਲਾ ਵਿਖੇ ਵੰਡੇ ਲੱਡੂ, ਚਲਾਈ ਆਤਿਸ਼ਬਾਜ਼ੀ

ਅਜਨਾਲਾ (ਅੰਮ੍ਰਿਤਸਰ), 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋ...

ਅਜੀਤ ਡੈਸਕ 24-11-2026

ਅਜਨਾਲਾ (ਅੰਮ੍ਰਿਤਸਰ), 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋਣ ਤੋਂ ਬਾਅਦ ਹਲਕਾ ਅਜਨਾਲਾ ਦੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੇ ਦਫ਼ਤਰ ਵਿਖੇ ਅਕਾਲੀ ਅਤੇ ਭਾਜਪਾ ਆਗੂ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਆਤਿਸ਼ਬਾਜ਼ੀ ਚਲਾ ਕੇ ਗੱਠਜੋੜ ਦੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾਈ ਆਗੂ ਅਤੇ ਪੰਜਾਬ ਇਨਫੋਟੈਕ ਦੇ ਸਾਬਕਾ ਵਾਈਸ ਚੇਅਰਮੈਨ ਬਾਊ ਰਾਮ ਸ਼ਰਨ ਪਰਾਸ਼ਰ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚੇ।
ਇਸ ਮੌਕੇ ਜੋਧ ਸਿੰਘ ਸਮਰਾ ਨੇ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਲਈ ਖੁਸ਼ੀ ਦਾ ਦਿਨ ਹੈ। ਉਨ੍ਹਾਂ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਮੁੜ ਗੱਠਜੋੜ ਹੋਣਾ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦੀ ਚਿਰੋਕਣੀ ਇੱਛਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਸਮੇਂ ਦੌਰਾਨ ਦੋਵਾਂ ਪਾਰਟੀਆਂ ਵਿਚਕਾਰ ਰਹੀ ਸਾਂਝ ਅਤੇ ਭਾਈਚਾਰਕ ਸਾਂਝ ਯਾਦ ਹੈ। ਉਨ੍ਹਾਂ ਮੁਤਾਬਕ ਇਸ ਗੱਠਜੋੜ ਨਾਲ ਦੋਵਾਂ ਪਾਰਟੀਆਂ ਦੀ ਪੁਰਾਣੀ ਸਾਂਝ ਮੁੜ ਬਹਾਲ ਹੋਈ ਹੈ।
ਸਮਰਾ ਨੇ ਕਿਹਾ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕੱਠੇ ਰਹੇ ਹਨ, ਉਦੋਂ ਪੰਜਾਬ ਦੀ ਤਰੱਕੀ ਲਈ ਕੰਮ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੇ ਵਿਕਾਸ ਨੂੰ ਲੈ ਕੇ ਕੰਮ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਹਲਕਾ ਅਜਨਾਲਾ ਵਿਚ ਵੀ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ 'ਤੇ ਸਾਂਝੀਆਂ ਸਰਗਰਮੀਆਂ ਅਤੇ ਨਵੀਆਂ ਸ਼ਮੂਲੀਅਤਾਂ ਵੀ ਹੋਣਗੀਆਂ। ਉਨ੍ਹਾਂ ਸਮਾਗਮ ਵਿਚ ਪਹੁੰਚੇ ਭਾਜਪਾ ਆਗੂਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਭਾਜਪਾ ਦੇ ਸੂਬਾਈ ਆਗੂ ਬਾਊ ਰਾਮ ਸ਼ਰਨ ਪਰਾਸ਼ਰ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਅਤੇ ਦੋਵਾਂ ਪਾਰਟੀਆਂ ਦੇ ਵਰਕਰਾਂ ਦੀ ਚਾਹਤ ਸੀ ਕਿ ਅਕਾਲੀ ਦਲ ਅਤੇ ਭਾਜਪਾ ਮੁੜ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੈਂਗਸਟਰਵਾਦ ਅਤੇ ਨਸ਼ਿਆਂ ਵਰਗੀਆਂ ਸਮੱਸਿਆਵਾਂ ਨੂੰ ਲੈ ਕੇ ਲੋਕ ਚਿੰਤਤ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਇਨ੍ਹਾਂ ਸਮੱਸਿਆਵਾਂ ਨੂੰ ਨੱਥ ਪਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ।
ਪਰਾਸ਼ਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਇਸ ਮੌਕੇ ਜੋਧ ਸਿੰਘ ਸਮਰਾ ਵਲੋਂ ਦਿੱਤੇ ਸੱਦੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਇਕੱਠ ਗੱਠਜੋੜ ਦੀ ਖੁਸ਼ੀ ਸਾਂਝੀ ਕਰਨ ਲਈ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਦੋਵਾਂ ਪਾਰਟੀਆਂ ਦੇ ਆਗੂ ਮਿਲ ਕੇ ਸਰਗਰਮੀਆਂ ਕਰਨਗੇ। 

ਅਗਲੀ ਖ਼ਬਰ ਬਾਈਕ ਸਵਾਰ ਦੋ ਹਮਲਾਵਰਾਂ ਨੇ ਚਲਾਈ ਗੋਲੀ, 65 ਸਾਲਾ ਔਰਤ ਦੀ ਮੌਤ