26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਉਪਾਰੀ ਦੇਸ਼ ਦੀ ਰੀੜ੍ਹ ਦੀ ਹੱਡੀ- ਸੁਖਬੀਰ ਬਾਦਲ

ਜਗਰਾਉਂ (ਲੁਧਿਆਣਾ), 26 ਨਵੰਬਰ (ਕੁਲਦੀਪ ਸਿੰਘ ਲੋਹਟ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ...

ਅਜੀਤ ਡੈਸਕ 26-11-2026

ਜਗਰਾਉਂ (ਲੁਧਿਆਣਾ), 26 ਨਵੰਬਰ (ਕੁਲਦੀਪ ਸਿੰਘ ਲੋਹਟ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਗਰਾਉਂ ਦੇ ਵਪਾਰਕ ਵਰਗ ਨਾਲ ਵਿਸ਼ੇਸ਼ ਮਿਲਣੀ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਕਾਰੋਬਾਰੀ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਨੇਮੋਹਨ ਹੋਟਲ ਵਿਖੇ ਸਾਬਕਾ ਵਿਧਾਇਕ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਵਿਚ ਸ਼ਹਿਰ ਦੇ ਵੱਖ-ਵੱਖ ਵਪਾਰਕ ਅਦਾਰਿਆਂ ਨਾਲ ਸਬੰਧਤ ਵੱਡੀ ਗਿਣਤੀ ਵਿਚ ਵਪਾਰੀਆਂ ਅਤੇ ਕਾਰੋਬਾਰੀਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਨਾਲ ਸਿੱਧਾ ਸੰਵਾਦ ਰਚਾਉਂਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਵਪਾਰਕ ਵਰਗ ਦੇ ਨੁਮਾਇੰਦਿਆਂ ਨੇ ਸ਼ਹਿਰ ਵਿਚ ਕਾਰੋਬਾਰ ਦੌਰਾਨ ਪੇਸ਼ ਆ ਰਹੀਆਂ ਸਮੱਸਿਆਵਾਂ, ਵਪਾਰਕ ਗਤੀਵਿਧੀਆਂ ਨੂੰ ਦਰਪੇਸ਼ ਚੁਣੌਤੀਆਂ ਅਤੇ ਆਪਣੀਆਂ ਮੰਗਾਂ ਬਾਰੇ ਅਕਾਲੀ ਦਲ ਦੇ ਪ੍ਰਧਾਨ ਨੂੰ ਜਾਣੂੰ ਕਰਵਾਇਆ। ਵਪਾਰੀਆਂ ਨੇ ਕਿਹਾ ਕਿ ਸ਼ਹਿਰ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਕਾਰੋਬਾਰ ਨੂੰ ਹੋਰ ਸੁਖਾਲਾ ਬਣਾਉਣ ਲਈ ਵਪਾਰਕ ਵਰਗ ਦੀਆਂ ਮੁਸ਼ਕਲਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

ਸੁਖਬੀਰ ਸਿੰਘ ਬਾਦਲ ਨੇ ਵਪਾਰੀ ਵਰਗ ਨੂੰ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਕਿਹਾ ਕਿ ਵਪਾਰੀਆਂ ਅਤੇ ਕਾਰੋਬਾਰੀਆਂ ਦੀ ਮਿਹਨਤ ਸਦਕਾ ਹੀ ਬਾਜ਼ਾਰਾਂ ਵਿਚ ਰੌਣਕ ਅਤੇ ਆਰਥਿਕ ਸਰਗਰਮੀਆਂ ਬਣੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਪਾਰ ਤੇ ਉਦਯੋਗ ਦਾ ਮਜ਼ਬੂਤ ਹੋਣਾ ਲਾਜ਼ਮੀ ਹੈ। ਇਸ ਲਈ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਸੁਖਾਵਾਂ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ।

ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ ’ਤੇ ਲਿਜਾਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਅਤੇ ਗੈਂਗਸਟਰਵਾਦ ਦਾ ਖਾਤਮਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਪੰਜਾਬ ਵਿਚ ਮਜ਼ਬੂਤ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਕਰਕੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵੀ ਠੋਸ ਕਦਮ ਚੁੱਕਣ ਦੀ ਲੋੜ ਹੈ। ਇਸ ਮਿਲਣੀ ਨੂੰ ਵਪਾਰਕ ਵਰਗ ਨਾਲ ਸਿੱਧੇ ਸੰਵਾਦ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ।

ਵਪਾਰੀਆਂ ਨੇ ਆਸ ਪ੍ਰਗਟਾਈ ਕਿ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਭਵਿੱਖ ਵਿਚ ਇਨ੍ਹਾਂ ਦੇ ਹੱਲ ਲਈ ਸਾਰਥਕ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਐਸ.ਆਰ ਕਲੇਰ , ਭਾਜਪਾ ਦੇ ਜਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਪ੍ਰਧਾਨ ਬਾਦਲ ਦਾ ਸਵਾਗਤ ਕੀਤਾ।

ਪਿਛਲੀ ਖ਼ਬਰ ​ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਜਥੇ 'ਚੋਂ ਪੰਜਾਬ ਦੇ 3 ਸ਼ਰਧਾਲੂਆਂ ਦੇ ਲਾਪਤਾ ਹੋਣ ਦੀ ਚਰਚਾ ਅਗਲੀ ਖ਼ਬਰ 24 ਘੰਟੇ ਬਿਜਲੀ ਸਪਲਾਈ ਦੇ ਵਾਅਦਿਆਂ ਦੇ ਬਾਵਜੂਦ ਗੁਰੂ ਹਰ ਸਹਾਏ ਸ਼ਹਿਰ ਵਿਚ ਲੱਗ ਰਹੇ ਲੰਬੇ ਬਿਜਲੀ ਕੱਟ, ਲੋਕ ਪ੍ਰੇਸ਼ਾਨ