ਲੁਧਿਆਣਾ, 27 ਨਵੰਬਰ (ਰੂਪੇਸ਼ ਕੁਮਾਰ)- ਪੰਜਾਬ ਭਰ ਵਿਚ ਕਰਵਾਈ ਗਈ ਬਲੈਕ ਆਊਟ ਮੌਕ ਡਰਿੱਲ ਤਹਿਤ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵੀ ਵਿਸ਼ੇਸ਼ ਅਭਿਆਸ ਕਰਵਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਸਿਵਲ ਡਿਫੈਂਸ, ਫਾਇਰ ਬ੍ਰਿਗੇਡ ਅਤੇ ਐਨ.ਡੀ.ਆਰ.ਐੱਫ. ਦੀਆਂ ਟੀਮਾਂ ਨੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਅਤੇ ਰਾਹਤ ਤੇ ਬਚਾਅ ਕਾਰਜਾਂ ਦਾ ਅਭਿਆਸ ਕੀਤਾ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਰਾਤ 8 ਵਜੇ ਜਿਵੇਂ ਹੀ ਸਾਇਰਨ ਵੱਜਿਆ ਤਾਂ ਤੁਰੰਤ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਬਲੈਕ ਆਊਟ ਮੌਕ ਡਰਿੱਲ ਸ਼ੁਰੂ ਹੋ ਗਈ। ਇਸ ਅਭਿਆਸ ਰਾਹੀਂ ਐਮਰਜੈਂਸੀ ਦੌਰਾਨ ਵੱਖ-ਵੱਖ ਸੁਰੱਖਿਆ ਏਜੰਸੀਆਂ ਦੀ ਕਾਰਜਪ੍ਰਣਾਲੀ ਅਤੇ ਆਪਸੀ ਤਾਲਮੇਲ ਨੂੰ ਪਰਖਿਆ ਗਿਆ।
ਇਸ ਮੌਕ ਡਰਿੱਲ ਦਾ ਮੁੱਖ ਉਦੇਸ਼ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਹਵਾਈ ਹਮਲੇ ਵਰਗੀ ਸਥਿਤੀ ਵਿਚ ਤੁਰੰਤ ਕਾਰਵਾਈ ਕਰਨ, ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਰਾਹਤ ਤੇ ਬਚਾਅ ਕਾਰਜਾਂ ਲਈ ਸਬੰਧਤ ਵਿਭਾਗਾਂ ਦੀ ਤਿਆਰੀ ਨੂੰ ਮਜ਼ਬੂਤ ਕਰਨਾ ਸੀ।