ਅਜਨਾਲਾ (ਅੰਮ੍ਰਿਤਸਰ), 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹਲਕਾ ਅਜਨਾਲਾ ਦਾ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ਦਾਅਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਰਲ ਕੇ ਲੜੇਗਾ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਅਕਾਲੀ ਦਲ-ਭਾਜਪਾ ਗਠਜੋੜ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋ ਗਈ ਹੈ।
ਇਸੇ ਦੌਰਾਨ ਹਲਕਾ ਅਜਨਾਲਾ ਦੀ ਸੀਟ ਨੂੰ ਲੈ ਕੇ ਵੀ ਡਾ. ਰਤਨ ਸਿੰਘ ਅਜਨਾਲਾ ਨੇ ਆਪਣੇ ਪੱਤੇ ਖੋਲ੍ਹਦਿਆਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਜਨਾਲਾ ਤੋਂ ਅਕਾਲੀ ਦਲ ਦੀ ਟਿਕਟ ’ਤੇ ਮੈਂ ਹੀ ਚੋਣ ਲੜਾਂਗਾ। ਉਨ੍ਹਾਂ ਅੱਗੇ ਕਿਹਾ ਕਿ ਆਉਂਦੇ ਕੁਝ ਦਿਨਾਂ ਵਿਚ ਸਮੁੱਚਾ ਅਕਾਲੀ ਦਲ ਹਲਕੇ ਅੰਦਰ ਇਕ ਮੰਚ ਅਤੇ ਇਕ ਹੀ ਗੱਡੀ ’ਤੇ ਸਵਾਰ ਹੋਇਆ ਨਜ਼ਰ ਆਵੇਗਾ।