ਫਿਰੋਜ਼ਪੁਰ, 8 ਸਤੰਬਰ (ਰਾਕੇਸ਼ ਚਾਵਲਾ)- ਫਿਰੋਜ਼ਪੁਰ ਛਾਉਣੀ ਖੇਤਰ 'ਚੋਂ ਇਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ 2 ਸਾਲ ਦੇ ਇਕ ਮਾਸੂਮ ਬੱਚੇ ਨੂੰ ਕੁੱਤਿਆਂ ਨੇ ਹਮਲਾ ਕਰਕੇ ਉਸਨੂੰ ਬੁਰੀ ਤਰ੍ਹਾਂ ਨੋਚ-ਨੋਚ ਕੇ ਜ਼ਖਮੀ ਕਰ ਦਿੱਤਾ l ਇਸ ਹਮਲੇ 'ਚ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ ਅਤੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸਨੂੰ ਤੁਰੰਤ ਫਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵਲੋਂ ਅਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਜੇਕਰ ਕਦੇ-ਕਦੇ ਪ੍ਰਸ਼ਾਸਨ ਕਲੋਨੀ-ਮੁਹੱਲੇ 'ਚ ਕੁੱਤਿਆਂ ਨੂੰ ਫੜਨ ਦੀ ਕੋਸ਼ਿਸ਼ ਕਰਦਾ ਵੀ ਹੈ ਤਾਂ ਕੁਝ ਕਥਿਤ ਡੌਗ ਲਵਰਜ਼ ਅਤੇ ਪ੍ਰਭਾਵਸ਼ਾਲੀ ਲੋਕਾਂ ਦੇ ਦਬਾਅ ਕਾਰਨ ਕਾਰਵਾਈ ਨੂੰ ਰੋਕ ਦਿੱਤਾ ਜਾਂਦਾ ਹੈ।