18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣਾ- ਗਿਆਨੀ ਕੁਲਦੀਪ ਸਿੰਘ ਗੜਗੱਜ

ਬੰਗਾ (ਨਵਾਂਸ਼ਹਿਰ)/ਅੰਮ੍ਰਿਤਸਰ, 18 ਸਤੰਬਰ - ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ, ਬੰਗਾ ਤੋਂ ਖ਼ਾਲਸਈ ਰਵਾਇਤਾਂ...

ਅਜੀਤ ਡੈਸਕ 18-09-2026
ਬੰਗਾ (ਨਵਾਂਸ਼ਹਿਰ)/ਅੰਮ੍ਰਿਤਸਰ, 18 ਸਤੰਬਰ - ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ, ਬੰਗਾ ਤੋਂ ਖ਼ਾਲਸਈ ਰਵਾਇਤਾਂ ਅਨੁਸਾਰ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਣਾ ਕੀਤੀ। 
ਇਸ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਤੇ ਕਈ ਵਾਰ ਬਿਖੜੇ ਸਮੇਂ ਆਏ, ਘਲੂਘਾਰਿਆਂ ਦੌਰਾਨ ਹਜ਼ਾਰਾਂ ਸ਼ਹਾਦਤਾਂ ਹੋਈਆਂ ਪਰ ਗੁਰੂ ਨੇ ਕਦੀ ਵੀ ਸਿੱਖ ਦੀ ਪਿੱਠ ਨਹੀਂ ਲੱਗਣ ਦਿੱਤੀ। ਇਨ੍ਹਾਂ ਸਖ਼ਤ ਇਮਤਿਹਾਨਾਂ ਦੇ ਬਾਵਜੂਦ ਸਿੱਖ ਕੌਮ ਨੇ ਕਦੇ ਹੌਸਲਾ ਨਹੀਂ ਹਾਰਿਆ। ਇਹ ਇਸ ਲਈ ਸੀ ਕਿਉਂਕਿ ਸਿੱਖ ਨੇ ਹਮੇਸ਼ਾ ਆਸਰਾ ਗੁਰੂ ਤੇ ਬਾਣੀ ਦਾ ਲਿਆ। ਉਨ੍ਹਾਂ ਕਿਹਾ ਕਿ ਅੱਜ ਵੀ ਦਰਪੇਸ਼ ਚੁਨੌਤੀਆਂ ਦੇ ਟਾਕਰੇ ਲਈ ਆਪਣੀ ਪੁਰਾਤਨ ਵਿਰਾਸਤ ਤੋਂ ਸੇਧ ਲੈ ਗੁਰੂ ’ਤੇ ਭਰੋਸਾ ਰੱਖਦਿਆਂ ਇਕ ਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮਕਸਦ ਹੀ ਕੌਮ ਦੀ ਇਕਜੁੱਟਤਾ ਦਾ ਸੁਨੇਹਾ ਦੇਣ ਦੇ ਨਾਲ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਗ਼ੈਰ ਕਾਨੂੰਨੀ ਹੈ, ਜਿਸ ਦੀ ਸ਼ਰੇਆਮ ਹੋ ਰਹੀ ਵਿਕਰੀ ਸਰਕਾਰ ਲਈ ਵੱਡਾ ਸਵਾਲ ਹੈ। ਖ਼ਾਲਸਾ ਮਾਰਚ ਦੌਰਾਨ ਕਈ ਪਰਿਵਾਰ ਮਿਲੇ, ਜਿਨ੍ਹਾਂ ਦੇ ਨੌਜਵਾਨ ਨਸ਼ੇ ਦੀ ਪੇਂਟ ਚੜ੍ਹ ਗਏ। ਇਹ ਪੰਜਾਬ ਦਾ ਦੁਖਾਂਤ ਹੈ, ਜਿਸ ਲਈ ਸਰਕਾਰ ਜਵਾਬਦੇਹ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਗੁਰਬਾਣੀ ਅਤੇ ਗੁਰਮਤਿ ਨਾਲ ਜੋੜ ਕੇ ਅਜਿਹੀਆਂ ਅਲਾਮਤਾਂ ਤੋਂ ਦੂਰ ਰੱਖੀਏ।
ਉਨ੍ਹਾਂ ਦੁਆਬੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਧਰਤੀ ’ਤੇ ਜਿਥੇ ਗੁਰੂ ਸਾਹਿਬ ਨੇ ਚਰਨ ਪਾਏ ਹਨ, ਉਥੇ ਬੱਬਰ ਅਕਾਲੀ ਯੋਧਿਆਂ ਦਾ ਇਤਿਹਾਸ ਵੀ ਇਸ ਦੀ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਦੁਆਬੇ ਤੋਂ ਬਹੁਤ ਸਾਰੇ ਲੋਕ ਵਿਦੇਸ਼ਾਂ ਵਿਚ ਵਸੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣਾ ਮਾੜਾ ਨਹੀਂ, ਪਰ ਆਪਣੀ ਵਿਰਾਸਤ ਤੇ ਮਿੱਟੀ ਨੂੰ ਪੱਕੇ ਤੌਰ ’ਤੇ ਛਡਣਾ ਠੀਕ ਨਹੀਂ ਹੈ। ਉਨ੍ਹਾਂ ਪੰਜਾਬੀਆਂ ਨੂੰ ਆਪਣੀ ਜਾਇਦਾਦ ਨੂੰ ਨਾ ਵੇਚਣ ਦੀ ਵੀ ਅਪੀਲ ਕੀਤੀ। ਉਨ੍ਹਾਂ ਸਿੱਖਾਂ ਦੀ ਘੱਟ ਰਹੀ ਗਿਣਤੀ ’ਤੇ ਵੀ ਚਿੰਤਾ ਪ੍ਰਗਟ ਕੀਤੀ ਅਤੇ ਇਕ ਬੱਚੇ ਦੇ ਰੋਝਾਨ ਨੂੰ ਛੱਡਣ ਲਈ ਆਖਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਨਿਭਾਈ। ਖ਼ਾਲਸਾ ਮਾਰਚ ਦੌਰਾਨ ਜਿਥੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ, ਉਥੇ ਹੀ ਪੁਲਿਸ ਪ੍ਰਸ਼ਾਸਨ ਵਲੋਂ ਸਲਾਮੀ ਦੇ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਵੱਖ-ਵੱਖ ਪੜਾਵਾਂ ’ਤੇ ਸੰਗਤ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। 
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨਿਪਾਲ ਪੁੱਜਾ ਸ਼੍ਰੋਮਣੀ ਕਮੇਟੀ ਵਫ਼ਦ ਅਗਲੀ ਖ਼ਬਰ ਡਿਊਟੀ ਦੌਰਾਨ ਏਐਸਆਈ ਹਰਜੀਤ ਸਿੰਘ ਦੀ ਗੋਲੀਬਾਰੀ ਵਿਚ ਹੋਈ ਮੌਤ ਬਹੁਤ ਦੁਖਦਾਈ ਅਤੇ ਚਿੰਤਾਜਨਕ - ਸਚਿਨ ਪਾਇਲਟ