ਮਜੀਠਾ/ ਅੰਮ੍ਰਿਤਸਰ, 25 ਸਤੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਿੱਖੀ ਦੇ ਮਹਾਨ ਸਿਧਾਂਤ ਮੀਰੀ-ਪੀਰੀ ਨੂੰ ਘਰ-ਘਰ ਪਹੁੰਚਾਉਣ ਲਈ ਕੱਢਿਆ ਜਾ ਰਿਹਾ ਵਿਸ਼ੇਸ਼ ਮੀਰੀ-ਪੀਰੀ ਮਾਰਚ ਅੱਜ ਹਲਕਾ ਮਜੀਠਾ ਦੇ ਪਿੰਡਾਂ ਵਿਚ ਪੁੱਜਿਆ, ਜਿੱਥੇ ਸੰਗਤਾਂ ਵਲੋਂ ਭਾਰੀ ਉਤਸ਼ਾਹ ਅਤੇ ਸ਼ਰਧਾ ਨਾਲ ਨਿੱਘਾ ਸਵਾਗਤ ਕੀਤਾ ਗਿਆ।
ਇਹ ਮਾਰਚ ਬਾਬਾ ਬੁੱਢਾ ਸਾਹਿਬ ਤੋਂ ਸ਼ੁਰੂ ਹੋ ਕੇ ਵਾਇਆ ਮਜੀਠਾ ਵੱਖ-ਵੱਖ ਪਿੰਡਾਂ ਵਿਚ ਜਾ ਰਿਹਾ ਹੈ। ਅੱਜ ਜਦੋਂ ਇਹ ਮਾਰਚ ਪਿੰਡ ਕਲੇਰ ਮਾਂਗਟ, ਵੱਡੀਆਂ, ਮਜੀਠਾ ਵਿਖੇ ਪੁੱਜਿਆ ਤਾਂ ਸਥਾਨਕ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ। ਪਿੰਡਾਂ ਵਿਚ ਪੁੱਜਣ 'ਤੇ ਸੰਗਤਾਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮਾਰਚ ਦਾ ਮੁੱਖ ਮਕਸਦ ਸੰਗਤਾਂ ਨੂੰ ਮੀਰੀ-ਪੀਰੀ ਦੇ ਸਿਧਾਂਤ ਦੀ ਮਹੱਤਤਾ ਤੋਂ ਜਾਣੂੰ ਕਰਵਾਉਣਾ ਅਤੇ ਸਿੱਖ ਇਤਿਹਾਸ ਦੀਆਂ ਮਹਾਨ ਪਰੰਪਰਾਵਾਂ ਨਾਲ ਜੋੜਨਾ ਹੈ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਪਹੁੰਚੇ। ਉਨ੍ਹਾਂ ਨੇ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਵਿਚ ਮੀਰੀ ਅਤੇ ਪੀਰੀ ਦਾ ਸੰਕਲਪ ਬਹੁਤ ਮਹੱਤਵਪੂਰਨ ਸਥਾਨ ਰੱਖਦਾ ਹੈ। ਇਹ ਸਿਧਾਂਤ ਸਿੱਖ ਨੂੰ ਧਾਰਮਿਕ ਕਦਰਾਂ-ਕੀਮਤਾਂ ਦੇ ਨਾਲ-ਨਾਲ ਸਮਾਜ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦੀ ਪ੍ਰੇਰਣਾ ਦਿੰਦਾ ਹੈ।
ਸਿੰਘ ਸਾਹਿਬ ਨੇ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰਸਿੱਖੀ ਜੀਵਨ ਜਿਉਣ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀਆਂ ਪਰੰਪਰਾਵਾਂ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ਨੂੰ ਜੀਵਨ ਵਿਚ ਅਪਣਾਉਣਾ ਸਮੇਂ ਦੀ ਲੋੜ ਹੈ।
ਇਸ ਦੌਰਾਨ ਉਨ੍ਹਾਂ ਵਲੋਂ ਸਾਬਤ ਸੂਰਤ ਬੱਚਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਤਾਂ ਜੋ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ ਜਾ ਸਕੇ।