ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 27 ਸਤੰਬਰ (ਕਪਿਲ ਕੰਧਾਰੀ)- ਪੰਜਾਬ ਭਾਜਪਾ ਵਲੋਂ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ 10ਵੇਂ ਦਿਨ ਯਾਤਰਾ ਗੁਰੂ ਹਰ ਸਹਾਏ ਪਹੁੰਚੀ, ਜਿੱਥੇ ਗੁਰੂ ਨਾਨਕ ਚੌਂਕ ਵਿਖੇ ਰੈਲੀ ਰੱਖੀ ਗਈ। ਇਸ ਮੌਕੇ ਭਾਜਪਾ ਦੇ ਆਗੂਆਂ ਨੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸੂਬਾ ਸਰਕਾਰ ’ਤੇ ਸਵਾਲ ਖੜ੍ਹੇ ਕਰਦਿਆਂ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੇ ਨਸ਼ਾ ਰੋਕਣ ਦੀ ਥਾਂ ਪੰਜਾਬੀਆਂ ਦੀ ਆਸ ਤੋੜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਭਾਸ਼ਣਾਂ ਅਤੇ ਦਾਅਵਿਆਂ ਨਾਲ ਖ਼ਤਮ ਨਹੀਂ ਕੀਤਾ ਜਾ ਸਕਦਾ, ਸਗੋਂ ਨਸ਼ਾ ਤਸਕਰਾਂ, ਸਪਲਾਇਰਾਂ ਅਤੇ ਪੂਰੇ ਸਪਲਾਈ ਨੈੱਟਵਰਕ ਦੀਆਂ ਜੜ੍ਹਾਂ ਤੱਕ ਪਹੁੰਚ ਕੇ ਕਾਰਵਾਈ ਕਰਨੀ ਜ਼ਰੂਰੀ ਹੈ।ਸੰਧੂ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਅੱਜ ਵੀ ਪੰਜਾਬ ਦੇ ਪਰਿਵਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸਿਆਸੀ ਦਖ਼ਲ ਤੋਂ ਮੁਕਤ ਕਰਕੇ ਨਸ਼ਾ ਤਸਕਰਾਂ ਵਿਰੁੱਧ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਤਰਜੀਹ ਦਿੱਤੇ ਜਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਮਿਲ ਕੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਪੰਜਾਬੀ ਗਾਇਕਾ ਸਤਿੰਦਰ ਸੱਤੀ ਨੇ ਕਿਹਾ ਕਿ ਪੰਜਾਬ ਦੀ ਹੋਂਦ, ਪੰਜਾਬੀਅਤ ਅਤੇ ਸੱਭਿਆਚਾਰ ਨੂੰ ਬਚਾਉਣਾ ਹੈ ਤਾਂ ਸਭ ਤੋਂ ਪਹਿਲਾਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਪੇਟ ਵਿਚ ਆਏ ਨੌਜਵਾਨਾਂ ਨੂੰ ਇਲਾਜ, ਪਿਆਰ ਅਤੇ ਪਰਿਵਾਰਕ ਸਹਾਰੇ ਦੀ ਲੋੜ ਹੈ, ਜਦਕਿ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਮਾਜ ਨੂੰ ਇਕਜੁੱਟ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਯਾਤਰਾ ਕੋਆਰਡੀਨੇਟਰ ਰਵੀਕਰਨ ਸਿੰਘ ਕਾਹਲੋਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਨਸ਼ਾ ਕਿਸੇ ਨੌਜਵਾਨ ਦੀ ਕਿਸਮਤ ਜਾਂ ਭਵਿੱਖ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਸਿੱਖਿਆ, ਮਿਹਨਤ ਅਤੇ ਆਪਣੀ ਕਾਬਲੀਅਤ ’ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ।ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਜੇ ਪੰਜਾਬ ਦੀ ਜਵਾਨੀ ਨਹੀਂ ਬਚੀ ਤਾਂ ਪੰਜਾਬ ਦੀ ਕਿਸਾਨੀ ਵੀ ਨਹੀਂ ਬਚੇਗੀ।
ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਗੁਰੂ ਹਰ ਸਹਾਏ ਵਿਚ ਸੜਕਾਂ, ਪਾਰਕਾਂ, ਬੁਨਿਆਦੀ ਸਹੂਲਤਾਂ ਅਤੇ ਛੇ-ਟਰੈਕ ਸਿੰਥੈਟਿਕ ਸਟੇਡੀਅਮ ਸਮੇਤ ਕਰਵਾਏ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਸਾਲ 2022 ਤੋਂ ਬਾਅਦ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਝਟਕਾ ਲੱਗਾ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਭਾਰੀ ਵਿਜੈ ਸ਼ਰਮਾ ਨੇ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨਸ਼ਿਆਂ ਤੋਂ ਪੀੜਤ ਪਰਿਵਾਰਾਂ ਦੀ ਆਵਾਜ਼ ਬਣਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰੇਕ ਵਰਗ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।
ਇਸ ਦੌਰਾਨ ਰੈਲੀ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦੀ ਸ਼ਮੂਲੀਅਤ ਨੂੰ ਲੈ ਕੇ ਵੀ ਚਰਚਾ ਰਹੀ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਸਵੇਰੇ 11 ਵਜੇ ਦੇ ਕਰੀਬ ਗੁਰੂ ਨਾਨਕ ਚੌਂਕ ਵਿਖੇ ਪਹੁੰਚ ਕੇ ਰੈਲੀ ਨੂੰ ਸੰਬੋਧਨ ਕਰਨਾ ਸੀ, ਪਰ ਉਹ ਜਹਾਜ਼ ਰਾਹੀਂ ਗੁਰੂ ਹਰ ਸਹਾਏ ਦੀ ਦਾਣਾ ਮੰਡੀ ਵਿਖੇ ਕਰੀਬ ਸਾਢੇ ਤਿੰਨ ਵਜੇ ਪਹੁੰਚੇ। ਇਸ ਕਾਰਨ ਉਹ ਗੁਰੂ ਨਾਨਕ ਚੌਂਕ ਵਿਖੇ ਹੋਈ ਰੈਲੀ ਨੂੰ ਸੰਬੋਧਨ ਨਹੀਂ ਕਰ ਸਕੇ ਅਤੇ ਨਾ ਹੀ ਨਸ਼ਾ ਮੁਕਤ ਪੰਜਾਬ ਯਾਤਰਾ ਵਿਚ ਸ਼ਾਮਲ ਹੋ ਸਕੇ। ਮੁੱਖ ਮੰਤਰੀ ਦੇ ਦੇਰੀ ਨਾਲ ਪਹੁੰਚਣ ਕਾਰਨ ਗੁਰੂ ਨਾਨਕ ਚੌਂਕ ਵਿਖੇ ਉਡੀਕ ਕਰ ਰਹੇ ਕਈ ਵਰਕਰਾਂ ਅਤੇ ਲੋਕਾਂ ਵਿਚ ਨਿਰਾਸ਼ਾ ਦੇਖਣ ਨੂੰ ਮਿਲੀ।
ਮੌਕੇ ’ਤੇ ਮੌਜੂਦ ਕੁਝ ਲੋਕਾਂ ਨੇ ਇਸ ਸਬੰਧੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਸੀਨੀਅਰ ਆਗੂ ਨਿਰਧਾਰਤ ਸਮੇਂ ਤੋਂ ਕਈ ਘੰਟੇ ਦੇਰੀ ਨਾਲ ਪਹੁੰਚਣਗੇ ਤਾਂ ਅਜਿਹੇ ਪ੍ਰੋਗਰਾਮਾਂ ਦੀ ਸਮਾਂ-ਸਾਰਣੀ ਅਤੇ ਪ੍ਰਬੰਧਾਂ ਨੂੰ ਲੈ ਕੇ ਸਵਾਲ ਉੱਠਣੇ ਸੁਭਾਵਿਕ ਹਨ। ਹਾਲਾਂਕਿ, ਮੁੱਖ ਮੰਤਰੀ ਦੇ ਦੇਰੀ ਨਾਲ ਪਹੁੰਚਣ ਦੇ ਕਾਰਨਾਂ ਸਬੰਧੀ ਅਧਿਕਾਰਤ ਤੌਰ ’ਤੇ ਕੋਈ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਦੇ ਬਾਵਜੂਦ, ਉਨ੍ਹਾਂ ਦੀ ਗੈਰਹਾਜ਼ਰੀ ਕਾਰਨ ਗੁਰੂ ਨਾਨਕ ਚੌਂਕ ਵਿਖੇ ਹੋਈ ਰੈਲੀ ਵਿਚ ਉਡੀਕ ਕਰ ਰਹੇ ਵਰਕਰਾਂ ਅਤੇ ਸਮਰਥਕਾਂ ਵਿਚ ਨਿਰਾਸ਼ਾ ਦਾ ਮਾਹੌਲ ਬਣਿਆ ਰਿਹਾ ਅਤੇ ਮੁੱਖ ਮੰਤਰੀ ਇਸ ਰੈਲੀ ਵਿਚ ਨਹੀਂ ਪਹੁੰਚ ਸਕੀ ਜਿਸ ਦ ਚਲਦਿਆਂ ਇਸ ਰੈਲੀ ਨੂੰ ਖ਼ਤਮ ਕਰਨਾ ਪਿਆ।