ਫਗਵਾੜਾ, 27 ਸਤੰਬਰ- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਐਤਵਾਰ ਸ਼ਾਮ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਹਾਲਾਤ ਉਸ ਵੇਲੇ ਤਣਾਅਪੂਰਨ ਹੋ ਗਏ, ਜਦੋਂ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਕਾਰ ਝੜਪ ਹੋ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਪੁਲੀਸ ਮੁਲਾਜ਼ਮਾਂ ’ਤੇ ਪਥਰਾਅ ਕੀਤੇ ਜਾਣ ਦੀ ਸੂਚਨਾ ਹੈ, ਜਦਕਿ ਪੁਲੀਸ ਨੇ ਭੀੜ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ।
ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਦਰਸ਼ਨਕਾਰੀਆਂ ਵਲੋਂ ਐੱਸ.ਐੱਸ.ਪੀ. ਗੌਰਵ ਤੂਰਾ ਦੀ ਸਰਕਾਰੀ ਗੱਡੀ ਦੀ ਭੰਨਤੋੜ ਕੀਤੀ ਗਈ। ਇਸ ਤੋਂ ਇਲਾਵਾ ਤਿੰਨ ਹੋਰ ਪੁਲੀਸ ਵਾਹਨਾਂ ਨੂੰ ਅੱਗ ਲਗਾਏ ਜਾਣ ਦੀ ਵੀ ਸੂਚਨਾ ਸਾਹਮਣੇ ਆਈ ਹੈ। ਘਟਨਾ ਦੌਰਾਨ ਕੁਝ ਪੁਲੀਸ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਵੀ ਜਾਣਕਾਰੀ ਹੈ। ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਬਾਹਰ ਤਣਾਅਪੂਰਨ ਸਥਿਤੀ ਬਣੀ ਹੋਈ ਹੈ। ਪੁਲੀਸ ਵਲੋਂ ਹਾਲਾਤ ਨੂੰ ਕਾਬੂ ਵਿਚ ਕਰਨ ਅਤੇ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਘਟਨਾ ਯੂਨੀਵਰਸਿਟੀ ਕੈਂਪਸ ਵਿਚ ਇਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੇ ਦਾਅਵਿਆਂ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਵਿਚਕਾਰ ਵਾਪਰੀ ਹੈ। ਦਾਅਵਿਆਂ ਮੁਤਾਬਕ, ਘਟਨਾ ਵਿਚ ਇਕ ਬਾਹਰੀ ਵਿਅਕਤੀ ਦੇ ਸ਼ਾਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਨ੍ਹਾਂ ਦਾਅਵਿਆਂ ਦੀ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।
ਇਸ ਤੋਂ ਪਹਿਲਾਂ ਐਤਵਾਰ ਨੂੰ ਵਿਦਿਆਰਥੀਆਂ ਨੇ ਕੈਂਪਸ ਵਿਚ ਪ੍ਰਦਰਸ਼ਨ ਕਰਦਿਆਂ ਹੰਗਾਮਾ ਕੀਤਾ ਅਤੇ ਭੰਨਤੋੜ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਕੌਮੀ ਮਾਰਗ ਵੀ ਜਾਮ ਕੀਤਾ ਗਿਆ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ।