ਬਠਿੰਡਾ, 8 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਾਂਗਰਸ ਵਲੋਂ ਮਨਾਏ ਜਾ ਰਹੇ ‘ਕਾਲੇ ਦਿਵਸ’ ਦੌਰਾਨ ਸਥਾਨਕ ਫਾਇਰ ਬ੍ਰਿਗੇਡ ਚੌਕ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਕਾਂਗਰਸੀ ਆਗੂ ਚੋਣ ਕਮਿਸ਼ਨਰ ਦਾ ਪੁਤਲਾ ਸਾੜਨ ਲਈ ਇਕੱਠੇ ਹੋ ਕੇ ਨਾਅਰੇਬਾਜ਼ੀ ਕਰ ਰਹੇ ਸਨ।
ਇਸੇ ਦੌਰਾਨ ਭਾਜਪਾ ਦੇ ਦੋ ਆਗੂ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਕਾਂਗਰਸ ਦੇ ਵਿਰੋਧ ਵਿਚ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਉਣਾ ਸ਼ੁਰੂ ਕਰ ਦਿੱਤਾ। ਦੋਵੇਂ ਧਿਰਾਂ ਦੇ ਆਗੂ ਆਹਮੋ-ਸਾਹਮਣੇ ਹੋਣ ਕਾਰਨ ਮਾਹੌਲ ਗਰਮਾਉਣ ਲੱਗਾ। ਮੌਕੇ 'ਤੇ ਦੋਵੇਂ ਧਿਰਾਂ 'ਚ ਤਲਖੀ ਵੱਧਦੀ ਦੇਖ ਪਹਿਲਾਂ ਹੀ ਮੌਕੇ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਦਖ਼ਲ ਦਿੰਦਿਆਂ ਦੋਵੇਂ ਧਿਰਾਂ ਨੂੰ ਇਕ-ਦੂਜੇ ਤੋਂ ਦੂਰ ਕਰ ਦਿੱਤਾ।